Punjab News: ਪੰਜਾਬ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਉਨ੍ਹਾਂ ਨੂੰ ਇਸ ਮਾਮਲੇ 'ਚ ਫਸਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਹਮੇਸ਼ਾ ਵਾਂਗ ਦਿੱਲੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ।
ਚੰਨੀ ਨੇ ਦੋਸ਼ ਲਾਇਆ ਕਿ ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਕੇਂਦਰ ਦੀ ਭਾਜਪਾ ਸਰਕਾਰ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ ਅਤੇ ਆਮਦਨ ਕਰ ਵਿਭਾਗ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਦੀ ਹੈ। ਚੰਨੀ ਨੇ ਆਪਣੇ ਰਿਸ਼ਤੇਦਾਰ ਦੀ ਰਿਹਾਇਸ਼ 'ਤੇ ਈਡੀ ਵੱਲੋਂ ਮਾਰੇ ਛਾਪੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕੇਸ ਵਿਚ ਮੈਨੂੰ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ।
ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਦਿੱਲੀ ਨੂੰ ਮੂੰਹਤੋੜ ਜਵਾਬ ਦਿੰਦਾ ਹੈ। ਪੰਜਾਬ ਦੇ ਲੋਕ ਇਸ ਵਾਰ ਵੀ ਦਿੱਲੀ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਕੇਂਦਰ ਦੀ ਭਾਜਪਾ ਸਰਕਾਰ ਨੂੰ ਅਜਿਹਾ ਕਦਮ ਚੁੱਕਣ ਦੀ ਵੱਡੀ ਕੀਮਤ ਚੁਕਾਉਣੀ ਪਵੇਗੀ।
ਚੰਨੀ ਨੇ ਕਿਹਾ ਕਿ ਉਨ੍ਹਾਂ ਤੋਂ ਬਦਲਾ ਲਿਆ ਜਾ ਰਿਹਾ ਹੈ
ਚੰਨੀ ਨੇ ਆਪਣੇ ਭਤੀਜੇ ਦੇ ਟਿਕਾਣਿਆਂ 'ਤੇ ਈਡੀ ਦੇ ਛਾਪਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰੇ ਦੌਰਾਨ ਕਿਸਾਨਾਂ ਦੇ ਰੋਸ ਕਾਰਨ ਮੋਦੀ ਦੇ ਕਾਫਲੇ ਨੂੰ 15 ਤੋਂ 20 ਮਿੰਟ ਤਕ ਰੋਕੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਹੀ ਵਾਪਸ ਪਰਤਣਾ ਪਿਆ। CM ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਮੋਦੀ ਨੂੰ ਵਾਪਸ ਆਉਣਾ ਪਿਆ ਤਾਂ ਇਸ 'ਚ ਮੇਰਾ ਕੀ ਕਸੂਰ? ਮੇਰੇ ਤੋਂ ਬਦਲਾ ਕਿਉਂ ਲਿਆ ਜਾ ਰਿਹਾ ਹੈ?
ਦੱਸ ਦੇਈਏ ਕਿ ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਮਾਰੇ ਗਏ ਛਾਪੇਮਾਰੀ 'ਚ 10 ਕਰੋੜ ਰੁਪਏ ਬਰਾਮਦ ਕੀਤੇ ਹਨ। ਇਸ 'ਚੋਂ 8 ਕਰੋੜ ਰੁਪਏ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਦੇ ਘਰੋਂ ਮਿਲੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904