Punjab News: ਬਜ਼ੁਰਗ ਮਾਪਿਆਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ,ਵਿਦੇਸ਼ੋਂ ਲਾਸ਼ ਬਣ ਕੇ ਆਇਆ ਇਕਲੌਤਾ ਪੁੱਤਰ, ਦਿਲ ਦਾ ਦੌਰਾ ਪੈਣ ਕਰਕੇ ਹੋਈ ਸੀ ਮੌਤ
Punjab News: ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ।
Punjab News: ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਦੀਪ ਨਗਰ ਨਾਲ ਸਬੰਧਤ 22 ਸਾਲਾ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ।
ਦਿਲ ਦਾ ਦੌਰਾ ਪੈਣ ਕਰਕੇ ਹੋਈ ਸੀ ਮੌਤ
ਪਰ ਹਰਜੋਤ ਸਿੰਘ ਨੂੰ ਕੀ ਪਤਾ ਸੀ ਕਿ ਉਹ ਆਪਣੇ ਘਰ ਲਾਸ਼ ਬਣ ਕੇ ਵਾਪਸ ਆਵੇਗਾ। ਮਿਲੀ ਜਾਣਕਾਰੀ ਅਨੁਸਾਰ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ।
ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ
ਡਾ. ਐੱਸ. ਪੀ. ਸਿੰਘ ਓਬਰਾਏ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਹਰਜੋਤ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ 13 ਸਤੰਬਰ ਨੂੰ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਹਰਜੋਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾ ਸਦਕਾ ਹੁਣ ਤੱਕ 350 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਹਰਜੋਤ ਸਿੰਘ ਦੇ ਚਚੇਰੇ ਭਰਾ ਇਕਬਾਲ ਸਿੰਘ, ਦੋਸਤ ਸ਼ਿਵਮ ਠਾਕੁਰ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਹਰਜੋਤ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।