Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ (Punjab Govt) ਨੇ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 8 ਸਾਲਾਂ ਬਾਅਦ ਕਣਕ ਦੀ ਵੰਡ ‘ਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ ਵਧਾ ਕੇ ਲਗਭਗ ਦੁੱਗਣਾ ਕਰ ਦਿੱਤਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ।
ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇਗਾ ਲਾਭ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਇਹ ਵਾਧਾ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਨਤੀਜੇ ਵਜੋਂ ਇਸ ਸਿਰਲੇਖ ਹੇਠ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਹੋਵੇਗਾ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਉਦਾਹਰਨ ਦਿੰਦਿਆਂ ਕਿਹਾ ਕਿ ਜੇਕਰ ਇੱਕ ਡਿਪੂ ਹੋਲਡਰ ਦੇ 200 ਰਾਸ਼ਨ ਕਾਰਡ/800 ਲਾਭਪਾਤਰੀ ਜੁੜੇ ਹੋਏ ਹਨ ਅਤੇ ਹਰੇਕ ਲਾਭਪਾਤਰੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਦਿੱਤੀ ਜਾਂਦੀ ਹੈ, ਤਾਂ ਪਹਿਲਾਂ ਉਸਨੂੰ ਲਗਭਗ 2,000 ਰੁਪਏ ਦੀ ਮਾਰਜਿਨ ਮਨੀ ਮਿਲਦੀ ਸੀ। ਪਰ ਹੁਣ ਵਾਧੇ ਤੋਂ ਬਾਅਦ ਉਨ੍ਹਾਂ ਨੂੰ 3,600 ਰੁਪਏ ਪ੍ਰਤੀ ਮਹੀਨਾ ਤੱਕ ਮਾਰਜਿਨ ਮਨੀ ਮਿਲੇਗੀ।
ਪੰਜਾਬ ਵਿੱਚ ਨਵੇਂ ਰਾਸ਼ਨ ਡਿਪੂ ਖੋਲ੍ਹਣ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਪ੍ਰਕਿਰਿਆ ਚੱਲ ਰਹੀ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਰਜ਼ੀਆਂ ਦੀ ਆਖਰੀ ਮਿਤੀ 5 ਦਸੰਬਰ, 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9,792 ਰਾਸ਼ਨ ਡਿਪੂ ਖੋਲ੍ਹੇ ਜਾਣਗੇ, ਜਿਨ੍ਹਾਂ ਵਿੱਚੋਂ 8,040 ਪੇਂਡੂ ਖੇਤਰਾਂ ਵਿੱਚ ਅਤੇ 1,742 ਸ਼ਹਿਰੀ ਖੇਤਰਾਂ ਵਿੱਚ ਕੰਮ ਕਰਨਗੇ।