Punjab News: ਪੰਜਾਬ ਵਿੱਚ ਸਵਾ ਲੱਖ ਏਕੜ ਜ਼ਮੀਨ ਤੋਂ ਕਬਜ਼ੇ ਛੁਡਾਏ ਜਾਣਗੇ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੂੰ ਹੁਣ ਤੱਕ ਇਸ ਜ਼ਮੀਨ ਬਾਰੇ ਕੋਈ ਪਤਾ ਹੀ ਨਹੀਂ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਵਿੱਚੋਂ ਉਨ੍ਹਾਂ 1.28 ਲੱਖ ਏਕੜ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ। ਵਿਭਾਗ ਨੇ ਖੁਦ ਮੰਨਿਆ ਹੈ ਕਿ ਇਨ੍ਹਾਂ ਜ਼ਮੀਨਾਂ ਦਾ ਪਹਿਲਾਂ ਕੋਈ ਇਲਮ ਨਹੀਂ ਸੀ। 



ਹਾਸਲ ਜਾਣਕਾਰੀ ਮੁਤਾਬਕ ਪੰਚਾਇਤ ਮਹਿਕਮੇ ਨੇ ਮਾਲ ਰਿਕਾਰਡ ਦੀ ਜਦੋਂ ਫਰੋਲਾ-ਫਰਾਲੀ ਕੀਤੀ ਤਾਂ ਪੰਚਾਇਤਾਂ ਦੀ ਮਾਲਕੀ ਵਾਲੀਆਂ ਸਵਾ ਲੱਖ ਏਕੜ ਜ਼ਮੀਨਾਂ ਹੋਰ ਲੱਭ ਗਈਆਂ। ਇਨ੍ਹਾਂ ਵਿੱਚ 42 ਹਜ਼ਾਰ ਏਕੜ ਵਾਹੀਯੋਗ ਜ਼ਮੀਨਾਂ ਹਨ। ਇਨ੍ਹਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ’ਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।


ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਮੰਗਲਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਖੁਲਾਸਾ ਕਰਦਿਆਂ ਇਨ੍ਹਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉੁਨ੍ਹਾਂ ਨੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾਂ ਵਿੱਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।


ਪੇਂਡੂ ਵਿਕਾਸ ਮੰਤਰੀ ਨੇ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਹੁਕਮ ਜਾਰੀ ਕੀਤੇ ਹਨ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਕਿਉਂਕਿ ਉਸੇ ਦਿਨ ਇਨ੍ਹਾਂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਤੈਅ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾਂ ਦੇ ਪੈਸੇ ਦੀ ਪੂਰੀ ਤੇ ਸਹੀ ਵਰਤੋਂ ਨਾ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।