Punjab News: ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਧਰਨੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਸਾਬਕਾ ਵਿੱਤ ਮੰਤਰੀ  ਪਰਮਿੰਦਰ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਕਈਂ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।


ਢੀਂਡਸਾ ਨੇ ਕਿਹਾ ਕਿ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਉਹ ਪੁਰਜ਼ੋਰ ਕੋਸਿ਼ਸ਼ ਕਰਨਗੇ। ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫਰਜ਼ ਬਣਦਾ ਹੈ ਕਿ ਉਹ ਖ਼ੁਦ ਇਸ ਮਾਮਲੇ ਵਿੱਚ ਦਖ਼ਲ ਦੇਣ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਧਰਨੇ `ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਾਹਤ ਮਿਲ ਸਕੇ। ਇਸ ਦੌਰਾਨ  ਢੀਂਡਸਾ ਨੇ ਪਿਛਲੇ ਕਈ ਦਿਨਾਂ ਤੋਂ ਟੈਂਕੀ ਤੇ ਚੜ੍ਹੀ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਤੋ ਇਲਾਵਾ ਧਰਾਨੇ ਉੱਤੇ ਬੈਠੇ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦਾ ਹਾਲ ਚਾਲ ਪੁੱਛਿਆਂ।



ਇਥੇ ਮੌਜੂਦ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅੱਜ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ।ਪਿਛਲੇਂ ਨੌਂ ਦਿਨਾਂ ਤੋਂ ਟੈਂਕੀ ਤੇ ਚੜ੍ਹੀ ਸਿੱਪੀ ਸ਼ਰਮਾ ਅਤੇ ਵੀਰਪਾਲ ਨੂੰ ਆਪਣਾ ਕਰਵਾਚੌਥ ਦਾ ਤਿਉਹਾਰ ਵੀ ਟੈਂਕੀ ਤੇ ਹੀ ਮਨਾਉਣਾ ਪੈ ਰਿਹਾ ਹੈ।


ਹਾਂਲਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੀ ਮੈਰਿਟ ਲਿਸਟ ਜਾਰੀ ਕਰਾਉਣ ਲਈ ਟੈਂਕੀ ਉੱਪਰ ਚੜ੍ਹੀ ਸਿੱਪੀ ਸ਼ਰਮਾ ਨੂੰ ਨੀਚੇ ਉਤਾਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਪਹੁੰਚੇ ਸਨ ਅਤੇ ਸਿੱਪੀ ਸ਼ਰਮਾ ਨੂੰ ਆਪਣੀ ਭੈਣ ਕਹਿ ਕੇ ਵਾਅਦਾ ਕਰਕੇ ਗਏ ਸਨ ਕਿ ਉਹਨਾਂ ਦੀ ਸਰਕਾਰ ਬਣਨ ਤੇ ਸਾਰੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣਗੇ।


ਪਰ ਇੰਨਾ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਸਾਰ ਤੱਕ ਨਹੀਂ ਲਈ ਗਈ। ਉਹਨਾਂ ਕਿਹਾ ਕਿ ਬੜੇ ਅਫ਼ੋਸਸ ਦੀ ਗੱਲ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਉੱਤੇ ਪਹਿਲਾ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਜ਼ੁਲਮ ਢਾਹ ਰਹੀ ਹੈ।