Punjab news: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਨਜ਼ਦੀਕੀਆਂ ਵਧ ਰਹੀਆਂ ਹਨ। ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਉਨ੍ਹਾਂ ਦੀ ਨਵੀਂ ਪਹਿਲਕਦਮੀ ਲਈ ਵਧਾਈ ਦਿੱਤੀ ਹੈ। ਇਸ ਤੋਂ ਪਹਿਲਾਂ ਜਦੋਂ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ ਤਾਂ ਨਵਜੋਤ ਸਿੱਧੂ ਨੇ ਉਨ੍ਹਾਂ ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ।



ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰਕੇ ਬਿਹਾਰ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਸ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ, “ਪਹਿਲਾ ਕਦਮ ਅੱਧੀ ਲੜਾਈ ਹੁੰਦਾ ਹੈ, ਮੇਰੇ ਦੋਸਤ। ਇੱਕ ਚੰਗੀ ਸ਼ੁਰੂਆਤ ਹਮੇਸ਼ਾ ਇੱਕ ਚੰਗਾ ਅੰਤ ਲਿਆਉਂਦੀ ਹੈ। ਸੰਵਿਧਾਨ ਪ੍ਰਤੀ ਤੁਹਾਡੀ ਭਾਵਨਾ ਹਮੇਸ਼ਾ ਚੰਗੀ ਰਹੀ ਹੈ। ਲੋਕਾਂ ਦੀ ਸ਼ਕਤੀ ਉਨ੍ਹਾਂ ਨੂੰ ਵਾਪਸ ਕਰਨੀ ਚਾਹੀਦੀ ਹੈ।

ਕੁਝ ਦਿਨ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਸਿੱਧੂ ਨੇ ਇਸ ਪੇਸ਼ਕਸ਼ ਨੂੰ ਠੁਕਰਾਏ ਜਾਣ ਤੋਂ ਤੁਰੰਤ ਬਾਅਦ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ, ''ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਹਮੇਸ਼ਾ ਬਿਹਤਰ ਹੁੰਦੇ ਹਨ''।

ਸਿੱਧੂ ਲਈ ਬਣ ਸਕਦਾ ਹੈ ਨਵਾਂ ਰਾਹ
ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ 2025 'ਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ 'ਚ ਕਿਸਮਤ ਅਜ਼ਮਾਉਣ ਦੇ ਸੰਕੇਤ ਦਿੱਤੇ ਹਨ। ਪ੍ਰਸ਼ਾਂਤ ਕਿਸ਼ੋਰ ਦਾ ਦਾਅਵਾ ਹੈ ਕਿ ਉਹ ਜਨ ਸਵਰਾਜ ਦੀ ਮੁਹਿੰਮ ਨਾਲ ਅੱਗੇ ਵਧਣਾ ਚਾਹੁੰਦੇ ਹਨ। ਪ੍ਰਸ਼ਾਂਤ ਕਿਸ਼ੋਰ ਦੇ ਇਸ ਕਦਮ ਨਾਲ ਸਾਰੀਆਂ ਸਿਆਸੀ ਪਾਰਟੀਆਂ 'ਚ ਹਲਚਲ ਵੱਧ ਗਈ ਹੈ।

ਇਸ ਦੇ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਦਾ ਇਹ ਨਵਾਂ ਕਦਮ ਨਵਜੋਤ ਸਿੰਘ ਸਿੱਧੂ ਲਈ ਵੀ ਨਵਾਂ ਰਾਹ ਬਣ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਬਾਗੀ ਰੁਖ ਅਖਤਿਆਰ ਕਰ ਲਿਆ ਹੈ। ਕਾਂਗਰਸ ਨੇ ਵੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਹਨ।