Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਇਆ ਗਿਆ ਹੈ। ਇਸ ਮੌਕੇ ਵੱਖ -ਵੱਖ ਸੰਘਰਸ਼ਸ਼ੀਲ ਜਥਬੰਦੀਆਂ ਦੇ ਆਗੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਬਠਿੰਡਾ ਪਹੁੰਚੇ। ਵਿਮੁਕਤ ਜਾਤੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਮਰਦ ਅਤੇ ਔਰਤਾਂ ਕਾਲੀਆਂ ਝੰਡੀਆਂ ਲੈ ਕੇ ਜਦੋਂ ਬਠਿੰਡਾ ਦੇ ਖੇਡ ਸਟੇਡੀਅਮ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ। 


 

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਮੁਕਤ ਜਾਤੀ ਦਾ ਦੋ ਪ੍ਰਤੀਸ਼ਤ ਕੋਟਾ ਬੰਦ ਕਰ ਦਿੱਤਾ ਗਿਆ ਹੈ ਜਿਸਦਾ ਉਹਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਰਿਹਾਇਸ਼ ਵਿਖੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਬਠਿੰਡਾ ਪਹੁੰਚੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 2 ਪ੍ਰਤੀਸ਼ਤ ਕੋਟਾ ਬੰਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੱਡੀਆਂ ਤਾਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

 


 


ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ।

 



ਦੱਸ ਦਈਏ ਕਿ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ। ਪਰੇਡ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਡੀਸੀ, ਐਸਐਸਪੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ 'ਤੇ ਪੰਜਾਬੀ ਪਹਿਲੇ ਮੋਰਚੇ 'ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ।