Punjab News: ਪੰਜਾਬ ਸਰਕਾਰ ਤਹਿਸੀਲ ਵਿੱਚ ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਇਹ ਹੁਕਮ ਮੁੱਖ ਮੰਤਰੀ ਭਗਵੰਤ ਨੇ ਜਾਰੀ ਕੀਤਾ ਹੈ। ਇਸ ਤਹਿਤ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਜ਼ਮੀਨ ਦੇ ਸਾਰੇ ਰਿਕਾਰਡ ਨੂੰ ਡਿਜ਼ੀਟਲਾਈਜ਼ ਕੀਤਾ ਜਾਏ ਤਾਂ ਜੋ ਇੱਕ ਕਲਿੱਕ ਨਾਲ ਲੋਕ ਜਾਣਕਾਰੀ ਹਾਸਲ ਕਰ ਸਕਣ। 


 


ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਤੇ ਮੁਸਕਲ ਰਹਿਤ ਢੰਗ ਨਾਲ ਕਰਵਾ ਸਕਣ। ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੱਤਾ। 






ਉਨ੍ਹਾਂ ਕਿਹਾ ਕਿ ਜਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਤੇ ਉਹ ਇੱਕ ਕਲਿੱਕ ‘ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।



ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਲਾਈਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਤੇ ਸਬ ਡਵੀਜਨ ਪੱਧਰ ‘ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਰਜਿਸਟ੍ਰੇਸਨ ਸਬੰਧੀ ਤੇ ਦਫਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ।



ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਤੇ ਫਰਨੀਚਰ ਦੇ ਕੰਮ ਅਤੇ ਸਬ ਰਜਿਸਟਰਾਰ ਦਫਤਰਾਂ, ਪਟਵਾਰ ਵਰਕ ਸਟੇਸਨਾਂ ਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ  ਨੂੰ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਲਈ ਫਰਦ ਕੇਂਦਰਾਂ ਦੇ ਸੰਚਾਲਨ ਤੇ ਰੱਖ-ਰਖਾਅ ਦੀ ਲੋੜ ‘ਤੇ ਵੀ ਜੋਰ ਦਿੱਤਾ।