Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Farmers Protest: ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਅੰਦੋਲਨ ਨੂੰ ਕੁਚਲਣ ਦਾ ਖਦਸ਼ਾ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅੱਜ ਸਵੇਰੇ ਲਾਈਵ ਹੋ ਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਖਨੌਰੀ ਪਹੁੰਚਣ ਦੀ ਅਪੀਲ
Farmers Protest: ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨ ਅੰਦੋਲਨ ਨੂੰ ਕੁਚਲਣ ਦਾ ਖਦਸ਼ਾ ਜਾਹਿਰ ਕੀਤਾ ਹੈ। ਉਨ੍ਹਾਂ ਨੇ ਅੱਜ ਸਵੇਰੇ ਲਾਈਵ ਹੋ ਕੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਖਨੌਰੀ ਪਹੁੰਚਣ ਦੀ ਅਪੀਲ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪਟਿਆਲਾ ਪੁਲਿਸ ਨੂੰ ਅਲਰਟ ਮੋਡ ’ਤੇ ਰੱਖਿਆ ਹੋਇਆ ਹੈ। ਪੁਲਿਸ ਨੇ 30 ਤੋਂ 40 ਬੱਸਾਂ ਤਿਆਰ-ਬਰ-ਤਿਆਰ ਖੜ੍ਹੀਆਂ ਕੀਤੀਆਂ ਹਨ, ਜੋ ਕਿਸੇ ਵੇਲੇ ਵੀ ਖਨੌਰੀ ਸਰਹੱਦ 'ਤੇ ਜਾ ਸਕਦੀਆਂ ਹਨ।
ਦਰਅਸਲ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੰਜ ਦਿਨਾਂ ਬਾਅਦ ਸੋਸ਼ਲ ਮੀਡੀਆ 'ਤੇ ਲਾਈਵ ਹੋਏ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਹੁਣ ਕੇਂਦਰ ਦੇ ਨਕਸ਼ੇ ਕਦਮ 'ਤੇ ਚੱਲ ਕੇ ਸਾਡੇ ਅੰਦੋਲਨ ਨੂੰ ਕੁਚਲਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ।
ਇਸ ਦੌਰਾਨ ਡੱਲੇਵਾਲ ਨੇ ਇਹ ਵੀ ਕਿਹਾ ਕਿ ਜਦੋਂ ਅਸੀਂ ਮਰਨ ਵਰਤ ਸ਼ੁਰੂ ਕੀਤਾ ਸੀ ਤਾਂ ਸਾਨੂੰ ਵਿਸ਼ਵਾਸ ਸੀ ਕਿ ਅਸੀਂ ਗਾਂਧੀਵਾਦੀ ਤਰੀਕੇ ਨਾਲ ਸੱਤਿਆਗ੍ਰਹਿ ਕਰਾਂਗੇ। ਅੰਗਰੇਜ਼ ਸਰਕਾਰ ਵੀ ਸੱਤਿਆਗ੍ਰਹਿ ਵਿੱਚ ਵਿਸ਼ਵਾਸ ਰੱਖਦੀ ਸੀ ਪਰ ਇਹ ਸਰਕਾਰ ਸਾਡੀ ਗੱਲ ਸੁਣਨ ਦੀ ਬਜਾਏ ਸਾਡੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ 'ਤੇ ਵੱਡੀ ਫੋਰਸ ਨਾਲ ਮੋਰਚੇ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਮੈਂ ਲੋਕਾਂ ਨੂੰ ਮੋਰਚੇ ਵਿੱਚ ਪਹੁੰਚਣ ਦੀ ਬੇਨਤੀ ਕਰਦਾ ਹਾਂ, ਤਾਂ ਜੋ ਇਸ ਨੂੰ ਬਚਾਇਆ ਜਾ ਸਕੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਫੇਲ੍ਹ ਹੋ ਗਈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ। ਇਸ ਲਈ ਕਿਸਾਨਾਂ ਨੂੰ ਸ਼ੱਕ ਹੈ ਕਿ ਪ੍ਰਸਾਸ਼ਨ ਧੱਕੇ ਨਾਲ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾ ਸਕਦਾ ਹੈ।
ਇਸ ਸਬੰਧੀ ਪੰਜਾਬ ਦੇ ਡੀਆਈਜੀ ਜਸਕਰਨ ਸਿੰਘ 3 ਵਜੇ ਖਨੌਰੀ ਸਰਹੱਦ ’ਤੇ ਪੁੱਜੇ। ਹਾਲਾਂਕਿ ਕਿਸਾਨ ਇਸ ਗੱਲ ਲਈ ਨਹੀਂ ਮੰਨੇ। ਇਸ ਤੋਂ ਬਾਅਦ ਕਿਸਾਨ ਆਗੂ ਡੀਆਈਜੀ ਸਮੇਤ ਡੱਲੇਵਾਲ ਨੂੰ ਵੀ ਮਿਲੇ। ਉਧਰ, ਮੰਨਿਆ ਜਾ ਰਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਮਨਾਉਣ ਵਿੱਚ ਕਾਮਯਾਬ ਨਾ ਹੋਈ ਤਾਂ 31 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਚੱਲ ਸਕਦਾ ਹੈ।
ਦੱਸ ਦਈਏ ਕਿ ਪਿਛਲੇ 10 ਮਹੀਨਿਆਂ ਤੋਂ ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਫਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀਆਂ ਹਨ। ਇਸ ਮੰਗ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਖਨੌਰੀ ਸਰਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ।
ਉਧਰ, ਹਰਿਆਣਾ ਦੀਆਂ 102 ਖਾਪ ਪੰਚਾਇਤਾਂ ਨੇ ਹਿਸਾਰ ਦੇ ਬਾਸ ਪਿੰਡ ਵਿੱਚ ਮਹਾਪੰਚਾਇਤ ਕੀਤੀ ਜਿੱਥੇ ਕੇਂਦਰ ਸਰਕਾਰ ਨੂੰ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਨਾਲ ਗੱਲ ਕਰਨ ਲਈ 9 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ। ਖਾਪ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਮੁਜ਼ੱਫਰਨਗਰ 'ਚ 9 ਜਨਵਰੀ ਨੂੰ ਦੇਸ਼ ਦੇ ਸਾਰੇ ਖਾਪਾਂ ਦੀ ਮਹਾਪੰਚਾਇਤ ਬੁਲਾਈ ਜਾਵੇਗੀ ਜਿਸ ਵਿੱਚ ਸਖ਼ਤ ਫੈਸਲੇ ਲਏ ਜਾਣਗੇ।