Punjab News: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਪੰਜਾਬ ਦੇ ਸੀਐੱਮ ਭਗਵੰਤ ਮਾਨ ਪਿੰਡ ਮੂਸਾ ਪਹੁੰਚਣਾ ਸੀ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਣੀ ਸੀ ਪਰ ਇਸ ਤੋਂ ਪਹਿਲਾਂ ਹੀ ਪਿੰਡ ਮੂਸਾ ਦੇ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਪਿੰਡ ਦੇ ਲੋਕਾਂ ਵੱਲੋਂ ਸੀਐੱਮ ਖਿਲਾਫ ਗੁੱਸਾ ਜ਼ਾਹਰ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ । ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕਿਸੇ ਵੀ ਰਾਜਨੀਤਿਕ ਆਗੂ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।


ਉੱਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਦੇ ਗੁੱਸੇ ਨੂੰ ਦੇਖਦੇ ਹੋਏ ਸੀਐੱਮ ਮਾਨ ਦੇ ਦੌਰੇ 'ਤੇ ਸਸਪੈਂਸ ਬਣ ਗਿਆ ਹੈ।ਕਿਉਂਕਿ ਕਿਹਾ ਜਾ ਰਿਹਾ ਹੈ ਕਿ ਪਿੰਡ 'ਚ ਸੀਐੱਮ ਦੌਰੇ ਤੋਂ ਪਹਿਲਾਂ ਤਾਇਨਾਤ ਸੁਰੱਖਿਆ ਹਟਾ ਦਿੱਤੀ ਗਈ ਹੈ ਇਸ ਲਈ ਹੋ ਸਕਦਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਸੀਐੱਮ ਮਾਨ ਦਾ ਇਹ ਦੌਰਾ ਰੱਦ ਕਰ ਦਿੱਤਾ ਗਿਆ ਹੋਵੇ। ਹਾਲਾਂਕਿ ਇਸ ਬਾਰੇ ਅਜੇ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ। ਸਪੱਸ਼ਟ ਲਫਜ਼ਾਂ 'ਚ ਕਿਸੇ ਵੀ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਜਾ ਰਹੀ । 


'ਆਪ' ਵਿਧਾਇਕ ਨੂੰ ਮੋੜਿਆ ਵਾਪਸ


ਉੱਥੇ ਹੀ ਸੀਐੱਮ ਮਾਨ ਤੋਂ ਪਹਿਲਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਿੰਡ ਮੂਸਾ ਪਹੁੰਚੇ ਪਰ ਪਿੰਡ ਵਾਸੀਆਂ ਵੱਲੋਂ ਉਹਨਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਅੰਦਰ ਹੀ ਨਹੀਂ ਜਾਣ ਦਿੱਤਾ ਗਿਆ। ਲੋਕਾਂ ਨੇ ਉਹਨਾਂ ਦਾ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਉਹਨਾਂ ਨੂੰ ਵਾਪਸ ਪਰਤਣਾ ਪਿਆ। ਲੋਕਾਂ ਦੇ ਵਿਰੋਧ 'ਤੇ ਸਥਾਨਕ 'ਆਪ' ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੈਨੂੰ ਪਰਿਵਾਰ ਤੋਂ ਕੋਈ ਸ਼ਿਕਾਇਤ ਨਹੀਂ ਹੈ, ਸਾਰੇ ਲੋਕ ਉਨ੍ਹਾਂ ਦੇ ਹਨ। ਜੇਕਰ ਪ੍ਰਸ਼ਾਸਨ ਵਲੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੈਂ ਆਪਣੀ ਤਰਫੋਂ ਮੁਆਫੀ ਮੰਗਦਾ ਹਾਂ। ਇਹ ਮੇਰਾ ਆਪਣਾ ਪਰਿਵਾਰ ਹੈ। ਇਹ ਕਹਿ ਕੇ ਉਹ ਆਪਣੀ ਕਾਰ ਵਿੱਚ ਬੈਠ ਕੇ ਵਾਪਸ ਚਲੇ ਗਏ। ਗੁਰਪ੍ਰੀਤ ਸਰਦੂਲਗੜ੍ਹ ਦੀ ਮਾਨਸਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਫਿਲਹਾਲ ਪੁਲਿਸ ਅਧਿਕਾਰੀ ਵੱਲੋਂ ਸਿੱਧੂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।