ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਪ੍ਰਾਈਵੇਟ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 16 ਵਿਅਕਤੀ ਹਲਾਕ ਹੋ ਗਏ। ਮ੍ਰਿਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਦੀ ਤਸਵੀਰ ਸ਼ੇਅਰ ਕਰਦਿਆਂ ਦੁਖ ਪ੍ਰਗਟ ਕੀਤਾ ਹੈ। 






 


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਇਸ ਮੰਦਭਾਗੀ ਘਟਨਾ 'ਤੇ ਦੁੱਖ ਪ੍ਰਗਟਾ ਕੀਤਾ ਹੈ। 






 


ਉਧਰ, ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਤੋਂ ਆ ਰਹੀ ਬੱਸ ਜਾਂਗੜਾ ਪਿੰਡ ਨੇੜੇ ਖੱਡ ਵਿੱਚ ਡਿੱਗ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਰਾਹਤ ਟੀਮਾਂ ਮੌਕੇ ’ਤੇ ਪੁੱਜ ਗਈਆਂ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 


ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ਵਿੱਚ ਮੋਦੀ ਦੇ ਹਵਾਲੇ ਨਾਲ ਕਿਹਾ, ‘‘ਮੈਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਆਸ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕੀਤੀ ਜਾ ਰਹੀ ਹੈ।’