Breaking: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਜਾਖੜ ਨੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ। ਸੂਤਰਾਂ ਮੁਤਾਬਕ ਉਹ ਅੱਜ 1:30 ਵਜੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।ਸੂਤਰਾਂ ਮੁਤਾਬਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜਾਖੜ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਉਣਗੇ। ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੱਲ੍ਹ ਹੀ ਲੈ ਲਿਆ ਗਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਜਾਖੜ ਇਨ੍ਹੀਂ ਦਿਨੀਂ ਦਿੱਲੀ 'ਚ ਹਨ।


ਸੂਤਰਾਂ ਮੁਤਾਬਕ ਭਾਜਪਾ ਜਾਖੜ ਨੂੰ ਰਾਜ ਸਭਾ 'ਚ ਵੀ ਭੇਜ ਸਕਦੀ ਹੈ। ਇਸ ਦੇ ਨਾਲ ਹੀ ਭਾਜਪਾ ਜਾਖੜ ਹੱਥ ਪੰਜਾਬ ਦੀ ਵਾਗਡੋਰ ਦੇ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਕਰ ਰਹੇ ਜਾਖੜ ਹੁਣ ਰਾਸ਼ਟਰੀ ਰਾਜਨੀਤੀ ਵਿੱਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੇ ਹਨ।


ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੁਨੀਲ ਜਾਖੜ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਕਈ ਵਾਰ ਇਸ ਗੱਲ ਦਾ ਸੰਕੇਤ ਵੀ ਦਿੱਤਾ ਸੀ ਪਰ ਆਖਰਕਾਰ 14 ਮਈ ਨੂੰ ਜਾਖੜ ਨੇ ਪਾਰਟੀ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ।


ਸੁਨੀਲ ਜਾਖੜ ਨੇ 14 ਮਈ ਨੂੰ ਕਾਂਗਸਸ ਨੂੰ ਅਲਵਿਦਾ ਕਹਿੰਦਿਆਂ ਦਿਲ ਦੀ ਗੱਲ ਲੋਕਾਂ ਨਾਲ ਸਾਂਝੀ ਕੀਤੀ ਸੀ। ਇਸ ਦੌਰਾਨ ਜਾਖੜ ਨੇ ਕਾਂਗਰਸ ਦੇ ਸੀਨੀਅਰ ਲੀਡਰਾਂ ਉੱਪਰ ਕਈ ਸਵਾਲ ਉਠਾਏ ਸੀ। ਰਾਜਸਥਾਨ ਦੇ ਉਦੈਪੁਰ 'ਚ ਕਾਂਗਰਸ ਦੇ ਚਿੰਤਨ ਸ਼ਿਵਿਰ ਦੇ ਵਿਚਕਾਰ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਅੱਜ ਕਾਂਗਰਸ ਪਾਰਟੀ ਹੀ ਮੰਜੇ 'ਤੇ ਨਜ਼ਰ ਆ ਰਹੀ ਹੈ। ਕਾਂਗਰਸ ਪਾਰਟੀ ਨੂੰ ਸ਼ੁਭਕਾਮਨਾਵਾਂ ਤੇ ਅਲਵਿਦਾ। ਸੁਨੀਲ ਜਾਖੜ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਾਂਗਰਸ 'ਚ ਜਾਤੀ ਸਮੀਕਰਨ ਨੂੰ ਧਿਆਨ 'ਚ ਰੱਖ ਕੇ ਕੀਤੀ ਜਾ ਰਹੀ ਸਿਆਸਤ 'ਤੇ ਸਵਾਲ ਉਠਾਏ ਤੇ ਹਾਈਕਮਾਂਡ 'ਤੇ ਵੀ ਨਿਸ਼ਾਨਾ ਸਾਧਿਆ।