ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕੱਚੇ ਅਧਿਆਪਕ ਅੱਜ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਚੰਡੀਗੜ੍ਹ ਵਿੱਚ ਅੱਜ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ 13 ਹਜ਼ਾਰ ਕੱਚੇ ਅਧਿਆਪਕ ਪਿਛਲੇ 18 ਸਾਲਾਂ ਤੋਂ 6 ਹਜ਼ਾਰ ਰੁਪਏ ਤਨਖਾਹ ’ਤੇ ਕੰਮ ਕਰ ਰਹੇ ਹਨ।ਮਜ਼ਦੂਰਾਂ ਤੋਂ ਵੀ ਘੱਟ ਤਨਖਾਹ 'ਚ ਇਹ ਕੱਚੇ ਅਧਿਆਪਕ ਬੱਚਿਆਂ ਨੂੰ ਪੜ੍ਹਾ ਰਹੇ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਇੱਕ ਮਜ਼ਦੂਰ ਦੀ ਦਿਹਾੜੀ ਘੱਟੋ-ਘੱਟ 500 ਰੁਪਏ ਹੈ ਪਰ ਉਨ੍ਹਾਂ ਨੂੰ ਮਜ਼ਦੂਰਾਂ ਨਾਲੋਂ ਘੱਟ ਪੈਸੇ ਦਿੱਤੇ ਜਾ ਰਹੇ ਹਨ । ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਉਹਨਾਂ ਵੱਲੋਂ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਤੇ ਪੱਕੇ ਹੋਣ ਤੱਕ ਤਨਖਾਹਾਂ 'ਚ ਵਾਧਾ ਕਰਨ ਦਾ ਵਾਅਦਾ ਵੀ ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ।