ਚੰਡੀਗੜ੍ਹ: ਦੇਸ਼ ਦੀ ਸਿਆਸਤ ਹੁਣ ਕਿਸਾਨ ਤੈਅ ਕਰ ਸਕਦੇ ਹਨ। ਖੇਤਰੀ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਤੋਂ ਵੱਡੀ ਉਮੀਦ ਹੈ। ਇਸ ਲਈ ਐਤਵਾਰ ਨੂੰ ਚੰਡੀਗੜ੍ਹ ਵਿੱਚ ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕਿਸਾਨਾਂ ਨੂੰ ਦੇਸ਼ ਵਿਆਪੀ ਸੰਘਰਸ਼ ਦਾ ਸੱਦਾ ਦਿੱਤਾ। ਇਨ੍ਹਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰ ਸ਼ੇਖਰ ਰਾਓ (ਕੇਸੀਆਰ) ਸ਼ਾਮਲ ਸਨ।



ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰ ਸ਼ੇਖਰ ਰਾਓ (ਕੇਸੀਆਰ) ਨੇ ਕਿਸਾਨਾਂ ਦੇ ਵਾਰਸਾਂ ਦੇ ਇਕੱਠ ’ਚ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਲਈ ਸੰਵਿਧਾਨਕ ਗਾਰੰਟੀ ਮਿਲਣ ਤੱਕ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਅੰਦੋਲਨ ਪੰਜਾਬ, ਹਰਿਆਣਾ ਤੇ ਪੱਛਮੀ ਯੂਪੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਹੈ। ਕਿਸਾਨ ਚਾਹੁਣ ਤਾਂ ਹਾਕਮਾਂ ਦੇ ਤਖ਼ਤ ਪਲਟ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਕਿਸਾਨ ਉਨ੍ਹਾਂ ਨੂੰ ਵੋਟ ਪਾਉਣ ਜੋ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਦੇਣ ਦੀ ਗੱਲ ਕਰੇ।

ਉਨ੍ਹਾਂ ਕਿਹਾ ਕਿ ਕਿਸਾਨ ਜੇਕਰ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਮੈਦਾਨ ’ਚ ਨਿੱਤਰਦੇ ਹਨ ਤਾਂ ਉਹ ਕੇਂਦਰ ਦਾ ਤਖ਼ਤ ਵੀ ਪਲਟ ਸਕਦੇ ਹਨ। ਕੇਸੀਆਰ ਨੇ ਇਸ ਅੰਦੋਲਨ ਵਿਚ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਆਖੀ। ਉਨ੍ਹਾਂ ਦੱਸਿਆ ਕਿ ਜਦੋਂ ਕੇਂਦਰ ਨੇ ਤਿਲੰਗਾਨਾ ਵਿੱਚ ਕਿਸਾਨਾਂ ’ਤੇ ਬਿਜਲੀ ਬਿੱਲ ਲਾਉਣ ਤੇ ਮੀਟਰ ਲਾਉਣ ਦੀ ਗੱਲ ਕਹੀ ਤਾਂ ਉਨ੍ਹਾਂ ਸਾਫ਼ ਜੁਆਬ ਦੇ ਦਿੱਤਾ ਸੀ। ਕੇਸੀਆਰ ਨੇ ਕਿਹਾ ਕਿ ਖੇਤੀ ਖੇਤਰ ਦੇ ਸੰਕਟ ਦੀ ਅਸਲ ਜੜ੍ਹ ਕਿੱਥੇ ਹੈ, ਇਸ ’ਤੇ ਕੌਮੀ ਬਹਿਸ ਹੋਣੀ ਚਾਹੀਦੀ ਹੈ। ਉਨ੍ਹਾਂ ਆਜ਼ਾਦੀ ਦੇ ਅੰਦੋਲਨ ਤੇ ਖੇਤੀ ’ਚ ਹਰੀ ਕ੍ਰਾਂਤੀ ਲਿਆਉਣ ਵਾਲੇ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਤੇ ਜਵਾਨਾਂ ਨੂੰ ਦੇਸ਼ ਦੀ ਸ਼ਾਨ ਦੱਸਦਿਆਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਕਿਸਾਨ ਤੇ ਦੇਸ਼ ਦੀ ਰਾਖੀ ਲਈ ਜਵਾਨ ਕੁਰਬਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਸਰਕਾਰ ਨੇ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਮਦਦ ਕੀਤੀ ਤਾਂ ਕੇਂਦਰ ਨੇ ਉਨ੍ਹਾਂ ’ਤੇ ਕਈ ਤਰ੍ਹਾਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ।