ਚੰਡੀਗੜ੍ਹ: ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਜੂਹ ’ਚ ਵੱਸੇ ਪਿੰਡ ਸਿਸਵਾਂ ਦੀ 125 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਹੈ। ਇਸ ਜ਼ਮੀਨ ਦੀ ਕੀਮਤ ਕਈ ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ’ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ।


ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ ਸਿਸਵਾਂ ਪਿੰਡ ਦੀ ਪੰਚਾਇਤੀ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਇੰਦਰਾਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਪਿੰਡ ਦੀ 125 ਏਕੜ ਜ਼ਮੀਨ ’ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ। 






 


ਇਸ ਜ਼ਮੀਨ ਦੀ ਕੀਮਤ ਕਰੀਬ ਦੋ-ਢਾਈ ਕਰੋੜ ਰੁਪਏ ਪ੍ਰਤੀ ਏਕੜ ਬਣਦੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਾਜਾਇਜ਼ ਕਬਜ਼ੇ ਹੇਠ ਅੱਠ ਹਜ਼ਾਰ ਏਕੜ ਜ਼ਮੀਨ ਨੂੰ ਛੁਡਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 6225 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਹੈ।



ਧਾਲੀਵਾਲ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਠੰਢੀ ਨਹੀਂ ਪਈ ਬਲਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਕੁਝ ਸਮੇਂ ਲਈ ਰੋਕੀ ਗਈ ਹੈ, ਜੋ ਜ਼ਮੀਨਾਂ ਵਿਹਲੀਆਂ ਹੋਣ ਤੋਂ ਬਾਅਦ ਪਹਿਲਾਂ ਵਾਂਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਵੱਡੇ ਸ਼ਹਿਰਾਂ ਨਾਲ ਲੱਗਦੀਆਂ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ ਜਾਣਗੀਆਂ।