Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਖੇਤਰ ਦੀਆਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।
ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਅਧੀਨ ਆਉਂਦੀਆਂ ਦਾਣਾ ਮੰਡੀਆਂ ਅਜਨਾਲਾ, ਗੱਗੋਮਾਹਲ, ਰਮਦਾਸ, ਚਮਿਆਰੀ, ਚੱਕ ਸਿਕੰਦਰ ਤੇ ਸੁਧਾਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ ਅਤੇ ਇਸ ਮੌਕੇ ਹਾਜ਼ਰ ਸਮੂਹ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ I ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਝੋਨੇ ਦੀ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ I
ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।