Punjab News: ਪੰਚਾਇਤੀ ਜ਼ਮੀਨਾਂ 'ਤੇ ਕਾਬਜ਼ ਹੋ ਜਾਣ ਸਾਵਧਾਨ! 10 ਜੂਨ ਤੱਕ ਸਾਰੇ ਕਬਜ਼ੇ ਛੁਡਾਉਣ ਦੇ ਹੁਕਮ
Punjab News: ਕਿਸਾਨ ਜਥੇਬੰਦੀਆਂ ਦੇ ਵਿਰੋਧ ਮਗਰੋਂ ਸਰਕਾਰ ਇੱਕ ਵਾਰ ਥੋੜ੍ਹਾ ਢਿੱਲੀ ਪਈ ਸੀ ਪਰ ਹੁਣ ਫਿਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਤੀਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ।
Punjab News: ਪੰਜਾਬ ਸਰਕਾਰ ਨੇ ਮੁੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਤਿਆਰੀ ਵਿੱਢੀ ਹੈ। ਕਿਸਾਨ ਜਥੇਬੰਦੀਆਂ ਦੇ ਵਿਰੋਧ ਮਗਰੋਂ ਸਰਕਾਰ ਇੱਕ ਵਾਰ ਥੋੜ੍ਹਾ ਢਿੱਲੀ ਪਈ ਸੀ ਪਰ ਹੁਣ ਫਿਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਤੀਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਪਹਿਲੇ ਪੜਾਅ ’ਚ 9400 ਏਕੜ ਦੇ ਕਰੀਬ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ ਜਾ ਚੁੱਕੇ ਹਨ ਤੇ ਦੂਸਰੇ ਪੜਾਅ ’ਚ 469 ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਇਆ ਗਿਆ ਸੀ। ਇਸ ਮਗਰੋਂ ਕੰਮ ਠੰਢਾ ਪੈ ਗਿਆ ਸੀ।
ਹਾਸਲ ਜਾਣਕਾਰੀ ਮੁਤਾਬਕ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਤੀਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਉਣ। ਪੰਚਾਇਤ ਮੰਤਰੀ ਨੇ ਵੀਰਵਾਰ ਨੂੰ ਡੀਡੀਪੀਓਜ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ’ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ।
ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫ਼ਾਰਸ਼ ਨਾ ਮੰਨੀ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿਥੀ ਜਾਵੇਗੀ ਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ।
ਉਨ੍ਹਾਂ ਪੰਜਾਬ ਵਿੱਚ ਨਿਗੂਣੇ ਠੇਕੇ ’ਤੇ ਦਿੱਤੀਆਂ ਸ਼ਾਮਲਾਤ ਜ਼ਮੀਨਾਂ ਦਾ ਨੋਟਿਸ ਵੀ ਲਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਨ ਠੇਕੇ ਉੱਤੇ ਨਾ ਚੜ੍ਹ ਸਕੀਆਂ, ਉਨ੍ਹਾਂ ਥਾਵਾਂ ’ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ ’ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਨਾਲ ਇੱਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਦੂਜਾ ਵਾਤਾਵਰਨ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।