Punjab News: ਪੰਜਾਬ ਸਰਕਾਰ ਵੱਲੋਂ ਆਪਣੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਤਿਉਹਾਰਾਂ ਦੇ ਚੱਲਦਿਆਂ ਵਿਆਜ ਰਹਿਤ ਕਰਜ਼ਾ ਦੇਣ ਲਈ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਕੁਮਾਰ ਸਿਨਹਾ ਵੱਲੋਂ ਜਾਰੀ ਕੀਤੇ ਗਏ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ 'ਚ ਰੈਗੂਲਰ ਤੌਰ 'ਤੇ ਸੇਵਾਵਾਂ ਨਿਭਾਅ ਰਹੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਤਿਉਹਾਰਾਂ ਲਈ 10,000 ਰੁਪਏ ਦਾ ਵਿਆਜ ਰਹਿਤ ਕਰਜ਼ਾ ਦਿੱਤਾ ਜਾਵੇਗਾ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਵਿਆਜ ਰਹਿਤ ਕਰਜ਼ੇ ਦੀ ਵਾਪਸੀ ਵਸੂਲੀ ਅਗਲੇ ਮਹੀਨੇ ਨਵੰਬਰ ਤੋਂ ਸ਼ੁਰੂ ਕਰਕੇ 5 ਬਰਾਬਰ ਕਿਸ਼ਤਾਂ ਵਿੱਚ ਕੀਤੀ ਜਾਵੇ। ਪੰਜਾਬ ਸਰਕਾਰ ਵੱਲੋਂ ਚੌਥਾ ਦਰਜਾ ਮੁਲਾਜ਼ਮਾਂ ਨੂੰ ਵਿਆਜ ਰਹਿਤ ਕਰਜ਼ਾ ਦੇਣ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਰੈਗੂਲਰ ਚੌਥਾ ਦਰਜਾ ਮੁਲਾਜ਼ਮਾਂ ਦੇ ਨਾਲ ਨਾਲ ਚੌਥੇ ਦਰਜਾ ਕੱਚੇ ਮੁਲਾਜ਼ਮਾਂ ਨੂੰ ਵੀ ਤਿਉਹਾਰੀ ਕਰਜ਼ੇ 'ਚ ਸ਼ਾਮਲ ਕਰਦੀ।
ਮੁਲਾਜ਼ਮ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਜ਼ੇ ਦੀ ਹੱਦ 20,000 ਰੁਪਏ ਕੀਤੀ ਜਾਵੇ ਤੇ ਇਸ ਦੇ ਨਾਲ ਹੀ ਕੱਚੇ ਚੌਥੇ ਦਰਜਾ ਮੁਲਾਜ਼ਮਾਂ ਨੂੰ ਵੀ ਕਰਜ਼ਾ ਦੇਣ ਲਈ ਪੱਤਰ ਜਾਰੀ ਕੀਤਾ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ