Punjab News: ਕਰਜ਼ੇ ਦੇ ਸਹਾਰੇ ਚੱਲ ਰਹੀ ਪੰਜਾਬ ਸਰਕਾਰ! ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ
ਪੰਜਾਬ ਸਰਕਾਰ ਦਾ ਵਿੱਤੀ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਕਈ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ..

Punjab News: ਪੰਜਾਬ ਸਰਕਾਰ ਦਾ ਵਿੱਤੀ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਕਈ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਲਈ ਵੱਡੇ ਪੱਧਰ ਉਪਰ ਫੰਡਾਂ ਦੀ ਲੋੜ ਹੈ। ਇਸ ਲਈ ਸਰਕਾਰ ਹੁਣ ਕਰਜ਼ਾ ਚੁੱਕ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫ਼ਤੇ ਕਰਜ਼ਾ ਲਿਆ ਜਾਣਾ ਹੈ। ਇਕੱਲੇ ਜੁਲਾਈ ਮਹੀਨੇ ’ਚ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾਵੇਗਾ ਜਦਕਿ ਅਗਸਤ ਮਹੀਨੇ ਤਿੰਨ ਹਜ਼ਾਰ ਕਰੋੜ ਦਾ ਲੋਨ ਲਿਆ ਜਾਣਾ ਹੈ।
ਪੰਜਾਬ ਸਿਰ 31 ਮਾਰਚ 2025 ਤੱਕ 3.82 ਲੱਖ ਕਰੋੜ ਰੁਪਏ ਕਰਜ਼ਾ ਚੜ੍ਹ ਗਿਆ ਸੀ ਜੋ ਕੁੱਲ ਘਰੇਲੂ ਉਤਪਾਦਨ ਦਾ 44 ਫ਼ੀਸਦੀ ਤੋਂ ਵੱਧ ਬਣਦਾ ਹੈ। ਅਨੁਮਾਨ ਹੈ ਕਿ 31 ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਭਾਰ ਚਾਰ ਲੱਖ ਕਰੋੜ ਨੂੰ ਛੂਹ ਜਾਵੇਗਾ। ਇਸ ਲਿਹਾਜ਼ ਨਾਲ ਹਰ ਪੰਜਾਬੀ ਸਿਰ ਸਵਾ ਲੱਖ ਤੋਂ ਵੱਧ ਦਾ ਕਰਜ਼ਾ ਹੈ। ਪੰਜਾਬ ਸਰਕਾਰ ਦਾ ਇਸ ਵਰ੍ਹੇ ਦੌਰਾਨ 34201.11 ਕਰੋੜ ਦਾ ਕਰਜ਼ਾ ਚੁੱਕਣ ਦਾ ਟੀਚਾ ਹੈ। ਥੋੜ੍ਹਾ ਸਮਾਂ ਪਹਿਲਾਂ ਹੀ ਕੇਂਦਰੀ ਵਿੱਤ ਮੰਤਰਾਲੇ ਨੇ ਕਈ ਹਵਾਲੇ ਦੇ ਕੇ ਪੰਜਾਬ ਸਰਕਾਰ ਦੀ ਕਰਜ਼ਾ ਹੱਦ ’ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਸੀ ਜਿਸ ’ਚੋਂ ਬਾਅਦ ਵਿੱਚ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਬਹਾਲੀ ਕਰ ਦਿੱਤੀ ਗਈ ਸੀ।
ਹਾਸਲ ਜਾਣਕਾਰੀ ਮੁਤਾਬਕ ਸਤੰਬਰ ਮਹੀਨੇ ਵਿੱਚ 3500 ਕਰੋੜ ਰੁਪਏ ਕਰਜ਼ਾ ਲਿਆ ਜਾਣਾ ਹੈ। ਇਨ੍ਹਾਂ ਤਿੰਨ ਮਹੀਨਿਆਂ ਵਿੱਚ ਹਰ ਹਫ਼ਤੇ 500 ਕਰੋੜ ਤੋਂ 1500 ਕਰੋੜ ਰੁਪਏ ਦਾ ਤੱਕ ਦਾ ਕਰਜ਼ਾ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੀ ਪਹਿਲੀ ਤੇ ਦੂਜੀ ਤਿਮਾਹੀ ਦੌਰਾਨ ਕੁੱਲ ਚੁੱਕਿਆ ਕਰਜ਼ਾ 14,741.92 ਕਰੋੜ ਰੁਪਏ ਹੋ ਜਾਣਾ ਹੈ। ਚਾਲੂ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਅਪਰੈਲ ਤੇ ਮਈ ਮਹੀਨੇ ਵਿੱਚ ਵੀ 6241.92 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ। ਜੂਨ ਮਹੀਨੇ ਵਿੱਚ ਕੋਈ ਕਰਜ਼ਾ ਨਾ ਲਏ ਜਾਣ ਦਾ ਪਤਾ ਲੱਗਾ ਹੈ।
ਉਧਰ, ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਦੇ ਭੁਗਤਾਨ ਲਈ ਵਿੱਤ ਵਰ੍ਹੇ 2025-26 ਵਿੱਚ 49,900 ਕਰੋੜ ਰੁਪਏ ਲੋਨ ਲੈਣ ਦੀ ਯੋਜਨਾ ਬਣਾਈ ਗਈ ਹੈ। ਇਸ ’ਚੋਂ 25,000 ਕਰੋੜ ਰੁਪਏ ਦਾ ਵਿਆਜ ਭੁਗਤਾਨ ਤੇ 18,200 ਕਰੋੜ ਰੁਪਏ ਦਾ ਮੂਲ ਭੁਗਤਾਨ ਕੀਤਾ ਜਾਵੇਗਾ। ਇਸੇ ਲਈ ਸੂਬਾ ਸਰਕਾਰ ਨੇ ਮੌਜੂਦਾ ਵਿੱਤ ਵਰ੍ਹੇ ਦੀ ਦੂਜੀ ਤਿਮਾਹੀ ਵਿੱਚ 8,500 ਕਰੋੜ ਰੁਪਏ ਕਰਜ਼ ਲੈਣ ਦੀ ਯੋਜਨਾ ਬਣਾਈ ਹੈ।






















