ਮੋਹਾਲੀ : ਐਨਡੀਪੀਐਸ ਕੇਸ ਵਿੱਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ ਅੱਜ ਫੈਸਲਾ ਸੁਣਾ ਸਕਦੀ ਹੈ। ਬੀਤੇ ਦਿਨ ਮਾਮਲੇ 'ਤੇ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਜਿਹੇ 'ਚ ਅਦਾਲਤ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ ।


 ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਬਹਿਸ ਪੂਰੀ ਹੋ ਚੁੱਕੀ ਹੈ । ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਮੰਗਲਵਾਰ ਨੂੰ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।


ਦਸ ਦਈਏ ਕਿ ਪੰਜਾਬ ਦੀ ਪਿਛਲੀ ਸਰਕਾਰ ਵੇਲੇ ਐਨਡੀਪੀਐਸ ਕੇਸ ਵਿੱਚ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਜੀਠੀਆ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਲਈ ਜ਼ਮਾਨਤ ਦੇ ਦਿੱਤੀ ਸੀ।


ਚੋਣਾਂ ਖਤਮ ਹੋਣ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਮਜੀਠੀਆ ਨੇ ਰੈਗੂਲਰ ਜ਼ਮਾਨਤ ਲਈ ਮੁੜ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹੁਣ ਜ਼ਮਾਨਤ ਲਈ ਨਵਾਂ ਆਧਾਰ ਬਣਾਉਂਦੇ ਹੋਏ ਮਜੀਠੀਆ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ 'ਚ ਮੁੜ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਹੁਣ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਜੋ ਕਿ ਅੱਜ ਸੁਣਾਇਆ ਜਾ ਸਕਦਾ ਹੈ।