Punjab News: ਵਿਦੇਸ਼ੀ ਧਰਤੀ 'ਤੇ ਪੰਜਾਬੀ ਕੁੜੀਆਂ ਹੋ ਰਹੀਆਂ ਸੋਸ਼ਣ ਦਾ ਸ਼ਿਕਾਰ, ਵਿਦੇਸ਼ ਮੰਤਰਾਲੇ ਨੇ ਕੀਤੇ ਵੱਡੇ ਖੁਲਾਸੇ
ਪੰਜਾਬੀਆਂ ਵਿੱਚ ਵਿਦੇਸ਼ ਜਾਣ ਦੀ ਦੌੜ ਲੱਗੀ ਹੋਈ ਹੈ। ਬੇਸ਼ੱਕ ਪੜ੍ਹੇ-ਲਿਖੇ ਨੌਜਵਾਨ ਅਮਰੀਕਾ, ਕੈਨੇਡਾ ਤੇ ਆਸਟ੍ਰੇਲੀਆ ਜਾਣ ਨੂੰ ਤਰਜੀਹ ਦਿੰਦੇ ਹਨ ਪਰ ਬਹੁਤ ਸਾਰੇ ਲੋਕ ਅਰਬ ਦੇਸ਼ਾਂ ਦਾ ਵੀ ਰੁਖ ਕਰ ਰਹੇ ਹਨ।
Punjab Women in Arab Countries: ਪੰਜਾਬੀਆਂ ਵਿੱਚ ਵਿਦੇਸ਼ ਜਾਣ ਦੀ ਦੌੜ ਲੱਗੀ ਹੋਈ ਹੈ। ਬੇਸ਼ੱਕ ਪੜ੍ਹੇ-ਲਿਖੇ ਨੌਜਵਾਨ ਅਮਰੀਕਾ, ਕੈਨੇਡਾ ਤੇ ਆਸਟ੍ਰੇਲੀਆ ਜਾਣ ਨੂੰ ਤਰਜੀਹ ਦਿੰਦੇ ਹਨ ਪਰ ਬਹੁਤ ਸਾਰੇ ਲੋਕ ਅਰਬ ਦੇਸ਼ਾਂ ਦਾ ਵੀ ਰੁਖ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਕੁੜੀਆਂ ਦੀ ਵੀ ਸ਼ਾਮਲ ਹੈ। ਪੰਜਾਬੀ ਕੁੜੀਆਂ ਬਾਰੇ ਅਰਬ ਦੇਸ਼ਾਂ ਤੋਂ ਦਿਲ ਦਹਿਲਾਉਣ ਵਾਲੀ ਰਿਪੋਰਟ ਸਾਹਮਣੇ ਆਈ ਹੈ। ਇਹ ਕੁੜੀਆਂ ਇੱਥੇ ਸੋਸ਼ਣ ਦਾ ਸ਼ਿਕਾਰ ਹੋ ਰਹੀਆਂ ਹਨ।
ਦਰਅਸਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀਆਂ ਬਾਰੇ ਵੱਡਾ ਖੁਲਾਸਾ ਕੀਤਾ ਹੈ। ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਾਰਲੀਮੈਂਟ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਜਵਾਬ ਦਿੰਦਿਆਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ 38 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹ। ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ। ਉਨ੍ਹਾਂ ਨੇ ਕਿਹਾ ਕਿ ਅਰਬ ਦੇਸ਼ਾਂ ਅੰਦਰ ਫਸੀਆਂ ਔਰਤਾਂ ਦੇ ਸੋਸ਼ਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।
ਦੱਸ ਦਈਏ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਧੀਆਂ-ਭੈਣਾਂ ਦੇ ਹੋ ਰਹੇ ਸ਼ੋਸ਼ਣ ਪ੍ਰਤੀ ਬਹੁਤ ਗੰਭੀਰ ਹਨ। ਉਹ ਸਮੇਂ-ਸਮੇਂ 'ਤੇ ਇਸ ਗੰਭੀਰ ਮੁੱਦੇ ਨੂੰ ਲੈ ਕੇ ਸਦਨ ਵਿੱਚ ਲਗਾਤਾਰ ਆਵਾਜ਼ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੇ ਯਤਨਾਂ ਸਦਕਾ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੀਆਂ 100 ਤੋਂ ਵੱਧ ਧੀਆਂ-ਭੈਣਾਂ ਨੂੰ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਮੋਟੀਆਂ ਤਨਖਾਹਾਂ ਦਾ ਝਾਂਸਾ ਦੇ ਕੇ ਉਥੇ ਫਸਾਇਆ ਸੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਵਾਲ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਿੰਨੀਆਂ ਭਾਰਤੀ ਔਰਤਾਂ ਅਰਬ ਦੇਸ਼ਾਂ ਵਿੱਚ ਫਸੀਆਂ ਹੋਈਆਂ ਹਨ ਤੇ ਕਿੰਨੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਅਰਬ ਦੇਸ਼ਾਂ ਵਿੱਚ ਮਨੁੱਖੀ ਤਸਕਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਨਾਗਰਿਕ 9 ਦੇਸ਼ਾਂ ਵਿੱਚ ਫਸੇ ਹੋਏ ਹਨ।
ਸੰਤ ਸੀਚੇਵਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੰਤਰਾਲੇ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ 9 ਅਰਬ ਦੇਸ਼ਾਂ ਤੋਂ 38 ਹਜ਼ਾਰ 917 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਲੋਕਾਂ ਦਾ ਉੱਥੇ ਸ਼ੋਸ਼ਣ ਕੀਤਾ ਜਾਂਦਾ ਸੀ। ਉਨ੍ਹਾਂ ਤੋਂ ਬਹੁਤ ਜ਼ਿਆਦਾ ਕੰਮ ਕਰਵਾਇਆ ਜਾਂਦਾ ਸੀ। ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਿਆ ਜਾਂਦਾ ਸੀ।ਉਨ੍ਹਾਂ ਨੂੰ ਉੱਥੇ ਕੰਮ ਦਾ ਭੁਗਤਾਨ ਨਾ ਹੋਣ ਕਾਰਨ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਭ ਤੋਂ ਵੱਧ 17,454 ਭਾਰਤੀ ਨਾਗਰਿਕਾਂ ਨੂੰ ਮਸਕਟ (ਓਮਾਨ) ਤੋਂ ਵਾਪਸ ਲਿਆਂਦਾ ਗਿਆ ਹੈ। ਦੂਜੇ ਸਥਾਨ 'ਤੇ ਸਾਊਦੀ ਅਰਬ ਆਉਂਦਾ ਹੈ, ਜਿੱਥੋਂ 10,023, ਕੁਵੈਤ ਤੋਂ 7,330, ਦੁਬਈ ਤੋਂ 3,568, ਕਤਰ ਤੋਂ 239, ਇਰਾਕ ਤੋਂ 180, ਲੀਬੀਆ ਤੋਂ 83 ਤੇ ਬਹਿਰੀਨ ਤੋਂ 35 ਲੋਕਾਂ ਨੂੰ ਸਫਲਤਾਪੂਰਵਕ ਘਰ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਮੁਲਕਾਂ ਵਿੱਚੋਂ ਸੀਰੀਆ ਹੀ ਇੱਕ ਅਜਿਹਾ ਦੇਸ਼ ਹੈ ਜਿੱਥੇ ਘੱਟੋ-ਘੱਟ ਮਤਲਬ ਸਿਰਫ਼ ਪੰਜ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।