Punjab News: ਮੈਰਿਜ ਪੈਲੇਸਾਂ ਅੱਗੇ ਨਾਕੇ ਲਾਉਣ ਦੇ ਹੁਕਮਾਂ ਮਗਰੋਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਸਣੇ ਕਈ ਹੋਰ ਸਿਆਸੀ ਲੀਡਰਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਲੋਕਾਂ ਦੇ ਨਿੱਜੀ ਸਮਾਗਮਾਂ ਵਿੱਚ ਦਖਲ ਦੇਣਾ ਸਹੀ ਨਹੀਂ। ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ ਰੋਕਣ ਲਈ ਹੋਰ ਢੰਗ-ਤਰੀਕੇ ਤਲਾਸ਼ਣੇ ਚਾਹੀਦੇ ਹਨ। ਇਸ ਬਾਰੇ ਸੋਸ਼ਲ ਮੀਡੀਆ ਉੱਪਰ ਵੀ ਖੂਬ ਚਰਚਾ ਹੋ ਰਹੀ ਹੈ। ਕੁਝ ਲੋਕ ਇਸ ਦੇ ਹੱਕ ਵਿੱਚ ਤੇ ਕੁਝ ਵਿਰੋਧ ਵਿੱਚ ਉੱਤਰੇ ਹਨ।

 

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲਿਸ ਨੂੰ ਮੈਰਿਜ ਪੈਲੇਸਾਂ ਅੱਗੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਸੂਬੇ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਹ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਪੱਤਰ ਲਿਖ ਕੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸੋਮਵਾਰ ਨੂੰ ਪੂਰੇ ਹਫ਼ਤੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇ।


ਮੁੱਖ ਸਕੱਤਰ ਨੇ ਆਪਣੇ ਆਦੇਸ਼ਾਂ ਵਿੱਚ ਖਦਸ਼ਾ ਜਤਾਇਆ ਹੈ ਕਿ ਸਰਦੀਆਂ ’ਚ ਵਿਆਹ ਸਮਾਗਮਾਂ ਦੌਰਾਨ ਸ਼ਰਾਬ ਪੀਣ ਦਾ ਚਲਣ ਵਧ ਜਾਂਦਾ ਹੈ ਤੇ ਸਮਾਗਮ ਵਿੱਚ ਸ਼ਰਾਬ ਪੀਣ ਤੋਂ ਬਾਅਦ ਧੁੰਦ ਕਰਕੇ ਸੜਕੀ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਮੈਰਿਜ ਪੈਲੇਸਾਂ ਦੇ ਬਾਹਰ ਨਾਕੇਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਸਮੇਂ ਹੋਣ ਵਾਲੇ ਸੜਕ ਹਾਦਸਿਆਂ ’ਤੇ ਨੱਥ ਪਾਉਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਘਰ ਪਹੁੰਚਦਾ ਕੀਤਾ ਜਾ ਸਕੇ।

ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਐਸਐਸਪੀਜ਼ ਨੂੰ ਆਦੇਸ਼ ਕੀਤੇ ਕਿ ਮੈਰਿਜ ਪੈਲੇਸਾਂ ਅੱਗੇ ਨਾਕਾਬੰਦੀ ਕੀਤੀ ਜਾਵੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਰਿਜ ਪੈਲੇਸਾਂ ਦੇ ਬਾਹਰ ਨਾਕੇਬੰਦੀ ਦੀ ਹਫਤਾਵਰੀ ਰਿਪੋਰਟ ਤਿਆਰ ਕਰਨ ਜੋ ਅੱਗੇ ਸਰਕਾਰ ਨੂੰ ਭੇਜੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਸਾਲ ਸਰਦੀਆਂ ਦੇ ਮੌਸਮ ਵਿੱਚ ਧੁੰਦ ਕਰਕੇ ਵੱਡੀ ਗਿਣਤੀ ’ਚ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੜਕ ਹਾਦਸੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਕਾਰਨ ਹੁੰਦੇ ਹਨ। ਇਸੇ ਲਈ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ।