Punjab News: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਵਿੱਚ ਨਹੀਂ ਹੋਵੇਗਾ ਕੋਈ ਫੇਰਬਦਲ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ। ਇਸ ਮਗਰੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਫੇਰਬਦਲ ਉਪਰ ਵਿਰਾਮ ਲੱਗ ਗਿਆ ਹੈ।







 ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਮਿਲਣ ਪਹੁੰਚੇ, ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੀਟਿੰਗ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ।






 


ਦੱਸ ਦੇਈਏ ਕਿ ਲਗਪਗ ਤਿੰਨ ਦਿਨ ਪਹਿਲਾਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਸੂਬੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਸਾਂਝੀ ਕੀਤੀ ਗਈ। ਮੀਟਿੰਗ ਵਿੱਚ ਮੁੱਖ ਤੌਰ 'ਤੇ ਕਾਂਗਰਸ ਦੀ ਸਥਿਤੀ ਤੇ ਲੋਕਾਂ ਨਾਲ ਜ਼ਮੀਨੀ ਸੰਪਰਕ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਭੁਪੇਸ਼ ਬਘੇਲ ਵੱਲੋਂ ਮੌਜੂਦਾ ਸਥਿਤੀ ਤੋਂ ਜਾਣੂ ਹੋਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ।


ਭੁਪੇਸ਼ ਬਘੇਲ ਦੀ ਨਿਯੁਕਤੀ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਸੰਗਠਨ ਨੂੰ ਮਜ਼ਬੂਤ ​​ਕਰਨ ਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਉਣ ਦੀ ਜ਼ਿੰਮੇਵਾਰੀ ਸੰਭਾਲਣਗੇ। ਬਘੇਲ ਦੀ ਅਗਵਾਈ ਹੇਠ ਕਾਂਗਰਸ ਨੇ ਛੱਤੀਸਗੜ੍ਹ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਸੀ ਤੇ ਹੁਣ ਪਾਰਟੀ ਨੂੰ ਉਮੀਦ ਹੈ ਕਿ ਉਹ ਪੰਜਾਬ ਵਿੱਚ ਵੀ ਕਾਂਗਰਸ ਨੂੰ ਦੁਬਾਰਾ ਮਜ਼ਬੂਤ ​​ਕਰਨਗੇ। ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਚੰਗੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ 2027 ਵਿੱਚ ਬਹੁਮਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।