Electricity Crisis in Punjab: ਪੰਜਾਬ ਵਿੱਚ ਗਰਮੀ ਨੇ ਤਬਾਹੀ ਮੱਚਾਈ ਹੋਈ ਹੈ। ਇਸ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ। ਸੂਬੇ ਭਰ ਵਿੱਚੋਂ ਘੱਟ ਵੋਲਟੇਜ਼ ਤੇ ਟਰਾਂਫਾਰਮਰ ਸੜਨ ਦੀਆਂ ਖਬਰਾਂ ਆ ਰਹੀਆਂ ਹਨ। ਮੰਗਲਵਾਰ ਨੂੰ ਪੰਜਾਬ ਵਿੱਚ ਦੁਪਹਿਰ ਸਮੇਂ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਪੰਜਾਬ ਵਿੱਚ ਗਰਮੀ ਵਧਣ ਕਰਕੇ ਸਰਕਾਰੀ ਤੇ ਨਿੱਜੀ ਖੇਤਰ ਦੇ ਕੁੱਲ 5 ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 13 ਯੂਨਿਟ ਚੱਲ ਰਹੇ ਹਨ।
ਹਾਲਾਂਕਿ ਹਾਲੇ ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਨਹੀਂ ਹੋਈ। ਇਸ ਸਮੇਂ ਸਿਰਫ਼ ਸਿੱਧੀ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਝੋਨੇ ਦੀ ਲੁਆਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜੇਕਰ ਅਗਲੇ ਦਿਨਾਂ ਅੰਦਰ ਬਾਰਸ਼ ਨਾ ਹੋਈ ਤਾਂ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਉਂਝ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਬਿਜਲੀ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਧਰ, ਮੌਸਮ ਵਿਭਾਗ ਨੇ 21 ਤੇ 22 ਮਈ ਨੂੰ ਗਰਮ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ, ਜਦੋਂਕਿ ਕਈ ਥਾਵਾਂ ’ਤੇ ਬੱਦਲਵਾਈ ਹੋ ਸਕਦੀ ਹੈ। 23, 24 ਤੇ 25 ਮਈ ਨੂੰ ਮੌਸਮ ਮਿਜ਼ਾਜ ਬਦਲ ਸਕਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਹੇਠਾਂ ਚੱਲ ਰਹੀ ਸੀ, ਪਰ ਮੰਗਲਵਾਰ ਨੂੰ ਬਿਜਲੀ ਦੀ ਮੰਗ ਇਕ ਹਜ਼ਾਰ ਮੈਗਾਵਾਟ ਵੱਧ ਗਈ। ਮੰਗਲਵਾਰ ਦੁਪਹਿਰ ਸਮੇਂ ਸੂਬੇ ਵਿੱਚ ਬਿਜਲੀ ਦੀ ਮੰਗ 14027 ਮੈਗਾਵਾਟ ਦਰਜ ਕੀਤੀ ਗਈ। ਬੀਤੇ ਦਿਨ 19 ਮਈ ਨੂੰ ਮੰਗ 12732 ਮੈਗਾਵਾਟ ਦਰਜ ਕੀਤੀ ਗਈ ਸੀ। ਰੋਪੜ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚੱਲ ਰਹੇ ਸਨ, ਜਿੱਥੋਂ 600 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ।
ਇਸੇ ਤਰ੍ਹਾਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚੱਲ ਰਹੇ ਹਨ, ਜਿੱਥੇ 598 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋ ਵਿੱਚੋਂ ਇਕ ਯੂਨਿਟ ਹੀ ਕਾਰਜਸ਼ੀਲ ਸੀ, ਜਿੱਥੋਂ 249 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਚੱਲ ਰਹੇ ਸਨ, ਜਿੱਥੋਂ 1325 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਇਸੇ ਤਰ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨੋਂ ਯੂਨਿਟ ਚੱਲ ਰਹੇ ਹਨ, ਜਿੱਥੇ 1812 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੰਗਲਵਾਰ ਨੂੰ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ ਹਵਾਈ ਅੱਡੇ ਦਾ ਨਜ਼ਦੀਕੀ ਇਲਾਕਾ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ ਚੰਡੀਗੜ੍ਹ ਦਾ ਤਾਪਮਾਨ 41 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 42.4, ਲੁਧਿਆਣਾ ਦਾ 41.6, ਪਟਿਆਲਾ ਦਾ 39.8 , ਪਠਾਨਕੋਟ ਦਾ 40.5, ਫਰੀਦਕੋਟ ਦਾ 43.5, ਗੁਰਦਾਸਪੁਰ ਦਾ 41.7, ਨਵਾਂਸ਼ਹਿਰ ਦਾ 38.9, ਫ਼ਤਹਿਗੜ੍ਹ ਸਾਹਿਬ ਦਾ 40.7, ਹੁਸ਼ਿਆਰਪੁਰ ਦਾ 39.6 , ਮੁਹਾਲੀ ਦਾ 39.5, ਸੰਗਰੂਰ ਦਾ 44.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।