Shaheedi Jor Mela 2024: ਫਤਿਹਗੜ੍ਹ ਸਾਹਿਬ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਸ਼ਹੀਦੀ ਸਭਾ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 10 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।



ਦਰਅਸਲ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ 'ਚ ਮੱਥਾ ਟੇਕਣ ਤੋਂ ਬਾਅਦ ਸੰਗਤ ਟਰੈਕਟਰ ਟਰਾਲੀ 'ਚ ਸਵਾਰ ਹੋ ਕੇ ਆਪਣੇ ਘਰ ਪਰਤ ਰਹੀ ਸੀ। ਨੈਸ਼ਨਲ ਹਾਈਵੇ 'ਤੇ ਖੰਨਾ ਤੇ ਮੰਡੀ ਗੋਬਿੰਦਗੜ੍ਹ ਦੀ ਹੱਦ ਨੇੜੇ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨਾਬਾਲਗ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 10 ਤੋਂ ਵੱਧ ਲੋਕ ਜ਼ਖਮੀ ਹੋ ਗਏ।


ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੂ (32) ਤੇ ਸੁਰਿੰਦਰ ਸਿੰਘ (15) ਵਾਸੀ ਖੇਮਕਰਨ ਵਿਧਾਨ ਸਭਾ ਹਲਕੇ ਦੇ ਪਿੰਡ ਭਗਵਾਨਪੁਰਾ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਫਿਲਹਾਲ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



ਦੱਸ ਦਈਏ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੱਜ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਈ ਹੈ। ਕੜਾਕੇ ਦੀ ਠੰਢ ’ਚ ਵੱਡੀ ਗਿਣਤੀ ਸੰਗਤ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਿਜਦਾ ਕਰਨ ਲਈ ਪਹੁੰਚ ਰਹੀ ਹੈ। ਸ਼ਰਧਾਲੂਆਂ ਵੱਲੋਂ ਥਾਂ-ਥਾਂ ’ਤੇ ਲੰਗਰ ਲਗਾਏ ਗਏ ਹਨ। 



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਹੀਂ ਆਉਂਣ ਦਿੱਤੀ ਜਾਵੇਗੀ। ਗੁਰਦੁਆਰੇ ਦੇ ਮੈਨੇਜਰ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ 25 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਆਰੰਭ ਹੋਣ ਨਾਲ ਸ਼ਹੀਦੀ ਸਭਾ ਦੀ ਰਸਮੀ ਸ਼ੁਰੂਆਤ ਹੋਈ ਹੈ, ਜਿਸ ਦੇ ਭੋਗ 27 ਦਸੰਬਰ ਨੂੰ ਭੋਗ ਪਾਏ ਜਾਣਗੇ। 



ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਬਰ ਰਵਿੰਦਰ ਸਿੰਘ ਖਾਲਸਾ ਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ 25 ਤੋਂ 28 ਦਸੰਬਰ ਤੱਕ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥਕ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ। 


ਉਨ੍ਹਾਂ ਦੱਸਿਆ ਕਿ 26 ਦਸੰਬਰ ਦੀ ਰਾਤ ਨੂੰ 9 ਵਜੇ ਵਿਸ਼ੇਸ਼ ਕਵੀ ਸਮਾਗਮ ਹੋਵੇਗਾ ਤੇ 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਸਮਾਪਤੀ ਹੋਵੇਗੀ। ਇਸੇ ਤਰ੍ਹਾਂ 27 ਦਸੰਬਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਤੇ ਸ਼ਹੀਦੀ ਸਫ਼ਰ ਦੀ ਅਦੁੱਤੀ ਕਥਾ 28 ਦਸੰਬਰ ਤੱਕ ਅੰਮ੍ਰਿਤ ਵੇਲੇ ਮੁੱਖ ਦਰਬਾਰ ਹਾਲ ਵਿਚ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਵਲੋਂ ਕੀਤੀ ਜਾਵੇਗੀ।