Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ। ਇਸ ਵਿੱਚ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਲਈ 1020 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਕਾਲਜਾਂ ਵਿੱਚ 400 ਵਿਜ਼ਿਟਿੰਗ ਪ੍ਰੋਫ਼ੈਸਰ ਤਾਇਨਾਤ ਕੀਤੇ ਜਾਣਗੇ। ਇਹ ਉਦੋਂ ਤੱਕ ਹੋਵੇਗਾ ਜਦੋਂ ਤੱਕ ਪੱਕੀ ਭਰਤੀ ਨਹੀਂ ਹੋ ਜਾਂਦੀ ਕਿਉਂਕਿ 550 ਦੇ ਕਰੀਬ ਕਾਲਜਾਂ ਵਿੱਚ ਪੱਕੀ ਭਰਤੀ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਕਾਲਜਾਂ ਵਿੱਚ ਲੱਗੇ ਗੈਸਟ ਫੈਕਲਟੀ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਿਛਲੀ ਸਰਕਾਰ ਵੱਲੋਂ ਰੱਖੇ ਗਏ 4300 ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਖੇਤਰ ਅਫਰੀਕਨ ਸਵਾਈਨ ਬੁਖਾਰ ਤੋਂ ਪ੍ਰਭਾਵਿਤ ਘੋਸ਼ਿਤ  



ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਐਸਬੀਐਸ ਨਗਰ ਜ਼ਿਲ੍ਹੇ ਦੇ ਪਿੰਡ ਲਾਲੇਵਾਲ ਨੂੰ ਅਫਰੀਕੀ ਸਵਾਈਨ ਬੁਖਾਰ (ਏ.ਐਸ.ਐਫ.) ਪ੍ਰਭਾਵਿਤ ਖੇਤਰ ਐਲਾਨਿਆ ਹੈ। ਇਨ੍ਹਾਂ ਖੇਤਰਾਂ ਦੇ ਨਮੂਨਿਆਂ ਦੀ ਪੁਸ਼ਟੀ ICAR)-NHSADI, ASF ਦੇ ਭੋਪਾਲ ਤੋਂ ਹੋਈ ਸੀ।

ਗੰਨਾ ਕਿਸਾਨਾਂ ਨੂੰ ਦਿੱਤਾ ਤੋਹਫ਼ਾ


ਦੂਜੇ ਪਾਸੇ ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ 75 ਕਰੋੜ ਰੁਪਏ ਦੇ ਬਕਾਏ ਜਮ੍ਹਾਂ ਕਰਵਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ਼ੂਗਰਫੈੱਡ, ਪੰਜਾਬ ਰਾਹੀਂ ਗੰਨਾ ਕਿਸਾਨਾਂ ਨੂੰ ਬਕਾਏ ਵਜੋਂ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਰਾਸ਼ੀ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ।

ਅਧਿਆਪਕਾਂ ਨੂੰ ਕੀਤਾ ਰੈਗੂਲਰ 


ਹਾਲ ਹੀ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਸੂਬੇ ਭਰ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਅਧਿਆਪਕ ਦਿਵਸ ਵਾਲੇ ਦਿਨ ਐਡਹਾਕ, ਠੇਕੇ 'ਤੇ ਰੱਖੇ ਅਤੇ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬਾ ਸਰਕਾਰ ਦੇ 9000 ਤੋਂ ਵੱਧ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।