Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਵਾਰ ਫਿਰ ਐੱਸਜੀਪੀਸੀ ਪ੍ਰਧਾਨ ਨੇ ਪੀਐੱਮ ਮੋਦੀ ਕੋਲ ਮੁੱਦਾ ਚੁੱਕਿਆ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀਐੱਮ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਬਲਾਤਕਾਰੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰਨ ਵਾਲੇ ਅਤੇ ਭਾਰਤੀ ਜੇਲ੍ਹਾਂ ਵਿੱਚ ਦੋ ਵਾਰ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ?
ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਐੱਸਜੀਪੀਸੀ ਵੱਲੋਂ ਪੰਜਾਬ ਭਰ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ।
ਐੱਸਜੀਪੀਸੀ ਪ੍ਰਧਾਨ ਨੇ ਪਹਿਲਾਂ ਵੀ ਕੇਂਦਰ 'ਤੇ ਚੁੱਕੇ ਸੀ ਸਵਾਲ
ਸੁਖਬੀਰ ਬਾਦਲ ਨੇ ਵੀ ਪੀਐੱਮ ਨੂੰ ਲਿਖੀ ਸੀ ਚਿੱਠੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਆਪ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ ਪਰ ਇਸ ਚਿੱਠੀ ਦਾ ਵੀ ਕੋਈ ਅਸਰ ਨਹੀਂ ਹੋਇਆ।
ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਤੇ ਉਹਨਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।