ਮੋਗਾ: ਅੱਜ ਮੋਗਾ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਐਲਾਨ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣੀ ਤਾਂ ਪੰਜਾਬ 'ਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਵੀ ਪੈਨਸ਼ਨ ਲਾਗੂ ਹੋਵੇਗੀ। ਗੁਰਦੁਆਰਿਆਂ ਤੇ ਹੋਰ ਧਾਰਮਿਕ ਸਥਾਨਾਂ ਦੀ ਬਿਜਲੀ ਮੁਫ਼ਤ ਹੋਵੇਗੀ।


ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆ ਦੇ ਖਾਤਮੇ ਲਈ ਸ਼ਰਾਬ ਨਿਗਮ ਬਣੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਰੇਤ ਮਾਫੀਆ ਨੂੰ ਖਤਮ ਕਰਨ ਲਈ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਵੇਗੀ। ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਪੇਅ ਕਮਿਸ਼ਨ ਲਾਗੂ ਹੋਵੇਗਾ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ 'ਤੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਮੋਗਾ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਰੈਲੀ ਨਵਾਂ ਇਤਿਹਾਸ ਰਚੇਗੀ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਸਾਰੇ ਵਰਗਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਦਲ ਛੱਡ ਕੇ ਗਏ ਸੀ, ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।


ਸਮਾਗਮ ਵਿੱਚ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਤੇ ਪੰਜਾਬ ਦਾ ਭਲਾ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਪੰਜਾਬ ਦੇ ਵੱਡੇ ਮੁੱਦੇ ਸੀ, ਉਹ ਅਕਾਲੀ ਦਲ ਨੇ ਹੀ ਚੁੱਕੇ। ਭਾਵੇਂ ਪਾਣੀਆਂ ਦਾ ਮੁੱਦਾ ਹੋਵੇ ਜਾਂ ਫੇਰ ਪੰਜਾਬ ਦੀ ਖੁਸ਼ਹਾਲੀ ਦੀ ਗੱਲ ਹੋਵੇ।

ਛੋਟੇਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਪੰਜਾਬ ਆ ਕੇ ਗਰੰਟੀ ਦਿੰਦੇ ਹਨ। ਉਸ ਨੂੰ ਪੁੱਛੋ ਆਪਣੀ ਪਾਰਟੀ ਦੀ ਗਰੰਟੀ ਦਿੰਦੇ ਹਨ। ਪਾਰਟੀ ਮੈਂਬਰ ਭੱਜ ਰਹੇ ਹਨ। ਉਨ੍ਹਾਂ ਕਿਕਹਾ ਕਿ ਉਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।