ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।



ਅਸਤੀਫ਼ਾ ਵਾਪਸ ਲੈਣ ਅਤੇ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਉਪਰਾਲੇ ਕੀਤੇ ਗਏ


ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਉਪਰਾਲੇ ਕੀਤੇ ਗਏ ਹਨ।


SGPC ਦਾ ਸਾਲਾਨਾ ਬਜਟ ਪਾਸ ਕਰਨਾ ਜ਼ਰੂਰੀ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ 31 ਮਾਰਚ ਤੋਂ ਪਹਿਲਾਂ ਪਾਸ ਕਰਨਾ ਜ਼ਰੂਰੀ ਹੈ। ਸੱਤ ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬਜਟ ਸਬੰਧੀ ਮੀਟਿੰਗ ਤੈਅ ਕਰਨ ਦਾ ਫੈਸਲਾ ਹੋਵੇਗਾ। ਨਿਯਮਾਂ ਮੁਤਾਬਕ ਬਜਟ ਸਬੰਧੀ ਜਨਰਲ ਇਜਲਾਸ 21 ਦਿਨ ਦੇ ਵਕਫੇ ’ਤੇ ਸੱਦਿਆ ਜਾਵੇਗਾ। ਬਜਟ ਇਜਲਾਸ ਮਾਰਚ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਹੋਣ ਦੀ ਸੰਭਾਵਨਾ ਹੈ। ਬਜਟ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਅਤੇ ਰੁਕੇ ਹੋਏ ਕੰਮਾਂ ਨੂੰ ਨਿਬੇੜਨ ਲਈ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੁਖੀ ਵਜੋਂ ਸੀਨੀਅਰ ਮੀਤ ਪ੍ਰਧਾਨ ਜਾਂ ਕਿਸੇ ਹੋਰ ਅੰਤ੍ਰਿੰਗ ਕਮੇਟੀ ਮੈਂਬਰ ਨੂੰ ਸੇਵਾਵਾਂ ਦਿੱਤੀਆਂ ਜਾ ਸਕਦੀਆਂ ਹਨ।



ਇਸ ਤੋਂ ਪਹਿਲਾਂ ਪਿਛਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਐਡਵੋਕੇਟ ਧਾਮੀ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕੀਤਾ ਗਿਆ ਸੀ ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਅੰਤ੍ਰਿੰਗ ਕਮੇਟੀ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਨੂੰ ਸ੍ਰੀ ਧਾਮੀ ਨਾਲ ਮਿਲਣ ਦੇ ਨਿਰਦੇਸ਼ ਦਿੱਤੇ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।