(Source: ECI/ABP News/ABP Majha)
ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਸ਼੍ਰੋਮਣੀ ਕਮੇਟੀ ਨੇ ਖੋਲ੍ਹਿਆ ਮੋਰਚਾ, ਭਲਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਹੋਣਗੇ ਰੋਸ ਪ੍ਰਦਰਸ਼ਨ
Punjab News: ਭਲਕੇ ਮਿਤੀ 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਹੈਡ ਕੁਆਰਟਰਾਂ ' ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ
Punjab News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ। ਭਲਕੇ ਮਿਤੀ 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਹੈਡ ਕੁਆਰਟਰਾਂ ' ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ। ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਕਰਨਗੇ। ਸਵੇਰੇ 9:30 ਵਜੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਡੀਸੀ ਦਫਤਰ ਨੂੰ ਰਵਾਨਗੀ ਹੋਵੇਗੀ।
ਸੁਖਬੀਰ ਬਾਦਲ ਨੇ ਪੀਐੱਮ ਨੂੰ ਲਿਖੀ ਸੀ ਚਿੱਠੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਆਪ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ।ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਤੇ ਉਹਨਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
ਐੱਸਜੀਪੀਸੀ ਪ੍ਰਧਾਨ ਨੇ ਪਹਿਲਾਂ ਵੀ ਕੇਂਦਰ 'ਤੇ ਚੁੱਕੇ ਸੀ ਸਵਾਲ
ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।