ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਦਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਹਨ ਜਿਸ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਚੰਡੀਗੜ੍ਹ 'ਚ ਉਹਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਜਿੱਥੇ ਉਹਨਾਂ ਵੱਲੋਂ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।  


ਦਸ ਦਈਏ ਕਿ ਕੁਝ ਦਿਨ ਪਹਿਲਾਂ ਜਦੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ ਸਨ ਤਾਂ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਪਰਿਵਾਰ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। 


ਇਸ ਤੋਂ ਇਲਾਵਾ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਗਜੇਂਦਰ ਸ਼ੇਖਾਵਤ ਨੇ ਮਾਪਿਆਂ ਨੂੰ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਸੱਦਾ ਭੇਜਿਆ ਗਿਆ ਹੈ। ਹਾਲਾਂਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਵੱਲੋਂ ਇਸ ਮੁਲਾਕਾਤ ਨੂੰ ਲੈ ਕੇ ਅਜੇ ਜਵਾਬ ਨਹੀਂ ਆਇਆ।


ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ।


ਅੱਜ ਚੰਡੀਗੜ੍ਹ ਦੌਰੇ 'ਤੇ ਅਮਿਤ  


ਪ੍ਰੋਗਰਾਮ ਦੇ ਅਨੁਸਾਰ, ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਹੋਣ ਜਾ ਰਹੀਆਂ ਖੇਲੋ ਇੰਡੀਆ ਖੇਡਾਂ ਦਾ ਉਦਘਾਟਨ ਕਰਨਗੇ ਅਤੇ ਪੰਜਾਬ ਭਾਜਪਾ ਆਗੂਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਕ ਸ਼ਾਹ ਨੂੰ ਇਸ ਮੀਟਿੰਗ ਲਈ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ ਹੈ, ਜਿਸ ਵਿਚ ਸੂਬਾ ਭਾਜਪਾ ਨੇ ਕੋਰ ਕਮੇਟੀ ਦੇ ਮੈਂਬਰਾਂ, ਕਾਰਜਕਾਰੀ ਨੇਤਾਵਾਂ, ਜ਼ਿਲ੍ਹਾ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਪਾਰਟੀ ਟਿਕਟ 'ਤੇ ਚੋਣ ਲੜ ਚੁੱਕੇ ਵਰਕਰਾਂ ਨੂੰ ਸੱਦਾ ਦਿੱਤਾ ਹੈ। ਪਿਛਲੇ ਅੱਠ ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸ਼ਾਹ ਸੂਬੇ ਵਿੱਚ ਪਾਰਟੀ ਦੇ ਪ੍ਰਾਸਪੈਕਟਸ ਬਾਰੇ ਫੀਡਬੈਕ ਲੈਣ ਲਈ ਪੰਜਾਬ ਭਾਜਪਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।