ਚੰਡੀਗੜ੍ਹ: 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਸੁਖਬੀਰ ਸਿੰਘ ਬਾਦਲ ਅੱਜ ਸਵੇਰੇ 10.30 ਵਜੇ SIT ਅੱਗੇ ਪੇਸ਼ ਹੋਣਗੇ। ਸੈਕਟਰ 32 ਸਥਿਤ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਚੰਡੀਗੜ੍ਹ 'ਚ ਪੇਸ਼ ਹੋਣ ਲਈ ਉਹਨਾਂ ਨੂੰ ਤਲਬ ਕੀਤਾ ਗਿਆ ਹੈ।  








14 ਅਕਤੂਬਰ 2015 ਨੂੰ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਖਿਲਾਫ ਕੋਟਕਪੂਰਾ  'ਚ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਆਂ ਚਲਾਈਆਂ ਸੀ ਅਤੇ ਗੋਲੀਬਾਰੀ  'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸਨ। ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਵਿੱਚ ਫਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਕਾਰਵਾਈ ਦੀ ਗੱਲ ਕਹਿਣ ਤੋਂ ਬਾਅਦ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੂੰ ਤਲਬ ਕੀਤਾ ਹੈ।



ਦੱਸ ਦੇਈਏ ਕਿ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਨਿਹੱਥੇ ਸਿੱਖਾਂ ਉੱਤੇ ਪੁਲਿਸ ਫਾਇਰਿੰਗ ਦੇ ਹੁਕਮ ਕਿਸ ਨੇ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਗੋਲੀਬਾਰੀ ਦੇ ਸਮੇਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।


ਇਸ ਤੋਂ ਪਹਿਲਾਂ ਪਿਛਲੇ ਸਾਲ SIT ਨੇ ਕੋਟਕਪੂਰਾ ਗੋਲੀਬਾਰੀ ਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ-4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ’ਤੇ ਪੁੱਜੀ ਤੇ ਕਰੀਬ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਐਸਆਈਟੀ ਦੇ 80 ਤੋਂ ਵੱਧ ਸਵਾਲਾਂ ਦੇ ਜਵਾਬ ਦਿੱਤੇ।


ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਨੂੰ ਪਿਛਲੇ ਸਾਲ 16 ਜੂਨ ਨੂੰ ਤਲਬ ਕੀਤਾ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਇਸ ਤੋਂ ਬਾਅਦ ਉਸ ਨੂੰ ਮਿਲਣ ਲਈ 22 ਜੂਨ ਦਾ ਦਿਨ ਤੈਅ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਪਿਛਲੇ ਸਾਲ ਸੇਵਾਮੁਕਤ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਲੀਬਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ।


ਜ਼ਿਕਰਯੋਗ ਹੈ ਕਿ 2017 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਬੇਅਦਬੀ ਦਾ ਮੁੱਦਾ ਬਹੁਤ ਗਰਮਾਇਆ ਸੀ ਅਤੇ ਇਸਦਾ ਉਸ ਵੇਲੇ ਦੀ ਸੱਤਾਧਾਰੀ ਧਿਰ ਅਕਾਲੀ-ਭਾਜਪਾ ਗਠਜੋੜ ਨੂੰ ਭਾਰੀ ਨੁਕਸਾਨ ਸਹਿਣਾ ਪਿਆ ਸੀ ਜਿਹੜੀ ਪੰਜਾਬ ਵਿਧਾਨ ਸਭਾ ਵਿੱਚ ਤੀਜੇ ਨੰਬਰ ਦੀ ਪਾਰਟੀ ਬਣ ਕੇ ਰਹਿ ਗਈ ਸੀ। ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਸੰਭਾਲੇ ਜਾਣ ਤੋਂ ਬਾਅਦ ਵੀ ਬੇਅਦਬੀ ਦਾ ਮੁੱਦਾ ਪੂਰੀ ਤਰ੍ਹਾਂ ਭਖਿਆ ਰਿਹਾ ਸੀ।