Sukhbir Badal: ਸੁਖਬੀਰ ਬਾਦਲ ਦੀ 'ਆਪ' ਨੂੰ ਨਸੀਅਤ, ਬੋਲੇ ਐਸਵਾਈਐਲ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਨਹੀਂ ਕਰਨੀ ਚਾਹੀਦੀ ਸਿਆਸਤ
Punjab News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਆਪ' 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪ ਨੂੰ ਐਸਵਾਈਐਲ ਨਹਿਰ ਦੇ ਸੰਵੇਦਨਸ਼ੀਲ ਮੁੱਦੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।
SYL issue: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ 'ਤੇ ਰਾਜਨੀਤੀ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਝਾਅ ਦਿੱਤਾ ਕਿ ਉਹ ਆਪਣੀ ਪਾਰਟੀ ਦੇ ਕਨਵੀਨਰ ਨੂੰ ਇਸ ਮੁੱਦੇ ’ਤੇ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਈ ਗਰੰਟੀ ਵਾਪਸ ਲੈਣ ਲਈ ਵੀ ਕਹਿਣ।
'ਆਪ' ਨੇ ਮੁੜ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਸ਼ੁਰੂ ਕੀਤਾ
ਦਿੱਲੀ ਦੇ ਗੁਰਦੁਆਰਾ ਰਕਾਬਗੰਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਨੇ ਮੁੜ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੁਣ ਐਲਾਨ ਕੀਤਾ ਹੈ ਕਿ ਸੂਬੇ ਦਾ ਪਾਣੀ ਹਰਿਆਣੇ ਨੂੰ ਨਹੀਂ ਜਾਵੇਗਾ। ਦੂਜੇ ਪਾਸੇ ਹਰਿਆਣਾ ਵਿੱਚ ਕੇਜਰੀਵਾਲ ਵੱਲੋਂ ‘ਆਪ’ ਦੇ ਰਾਜ ਸਭਾ ਮੈਂਬਰ ਨੇ ਗਾਰੰਟੀ ਦਿੱਤੀ ਸੀ ਕਿ ਐਸਵਾਈਐਲ ਨਹਿਰ ਦਾ ਪਾਣੀ ਹਰ ਖੇਤ 'ਚ ਪਹੁੰਚਾਇਆ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਦਾ ਵਤੀਰਾ ਸਮੁੱਚੇ ਖੇਤਰ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਸਮਰੱਥਾ ਰੱਖਦਾ ਹੈ। ਇਸ ਮਾਮਲੇ 'ਤੇ ਭਗਵੰਤ ਮਾਨ ਦੀ ਚੁੱਪੀ ਨੂੰ ਪੰਜਾਬ ਦੇ ਲੋਕ ਕਮਜ਼ੋਰੀ ਵਜੋਂ ਜਾਣ ਰਹੇ ਹਨ। ਸੁਖਬੀਰ ਨੇ ਕਿਹਾ ਕਿ ਜੇਕਰ ਮਾਨ ਨੇ ਕੇਜਰੀਵਾਲ ਨੂੰ ਹਰਿਆਣਾ ਨੂੰ ਦਿੱਤੀ ਗਈ ਗਰੰਟੀ ਵਾਪਸ ਲੈਣ ਲਈ ਨਹੀਂ ਕਿਹਾ ਤਾਂ ਉਹ ਪੰਜਾਬ ਦੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ: ਬੇਅਦਬੀ ਨਾਲ ਜੁੜੇ 2 ਕੇਸਾਂ 'ਚ ਰਾਮ ਰਹੀਮ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ, ਹੁਣ ਪੰਜਾਬ ਲਿਆਉਣ ਦੀ ਤਿਆਰੀ