ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ 'ਤੇ ਫੈਸਲਾ ਕਰਨ ਲਈ ਗਠਿਤ ਕੀਤੀ ਗਈ।



ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦੀ ਅੱਜ ਅੰਤਿਮ ਮੀਟਿੰਗ ਹੋਈ। ਜਿਸ ਵਿੱਚ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਸ. ਸੁਖਦੇਵ ਸਿੰਘ ਢੀਂਡਸਾ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਸ. ਸੁਖਦੇਵ ਸਿੰਘ ਢੀਂਡਸਾ ਦਾ ਅਸਤੀਫ਼ਾ ਪ੍ਰਵਾਨ ਨਹੀ ਕੀਤਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਸਰਵਣ ਸਿੰਘ ਫਿਲੌਰ, ਸ: ਜਗਦੀਸ਼ ਸਿੰਘ ਗਰਚਾ ਅਤੇ ਸ: ਸੁਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮੇਟੀ ਨੇ ਫੈਸਲਾ ਲਿਆ ਹੈ ਕਿ ਸ: ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਬਣੇ ਰਹਿਣਗੇ ਅਤੇ ਉਹ ਪਹਿਲਾਂ ਦੀ ਤਰ੍ਹਾਂ ਬਤੌਰ ਪਾਰਟੀ ਪ੍ਰਧਾਨ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।

ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸਾਲ 2015 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ। ਇਸ ਘਟਨਾ ਕਾਰਨ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂਦੜੇ ਗਏ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਦੇ ਸਿੰਘਾਂ 'ਤੇ ਪੰਥਕ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਬਾਦਲ ਸਰਕਾਰ ਨੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ।

ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀ ਕੀਤੀ ਗਈ ਪਰ ਸੁਖਦੇਵ ਸਿੰਘ ਢੀਂਡਸਾ ਲਗਾਤਾਰ ਪਾਰਟੀ ਅੰਦਰ ਇਸ ਦੇ ਵਿਰੁੱਧ ਆਵਾਜ਼ ਉਠਾਉਂਦੇ ਰਹੇ ਪਰ ਜਦੋਂ ਉਨ੍ਹਾਂ ਦੀ ਆਵਾਜ਼ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਬਾਦਲ ਦਲ ਤੋਂ ਕਿਨਾਰਾ ਕਰਦਿਆਂ ਪੰਥਕ ਸਿਧਾਂਤਾਂ `ਤੇ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯਕਤ) ਦਾ ਗਠਨ ਕੀਤਾ।

ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਡੱਟ ਕੇ ਹਮਾਇਤ ਕੀਤੀ ਅਤੇ ਬਤੌਰ ਐੱਮ.ਪੀ ਹੁੰਦਿਆਂ ਰਾਜ ਸਭਾ ਵਿੱਚ ਕਿਸਾਨਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤਕ ਪਹੁੰਚਾਈ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਕੋਸ਼ਿਸ਼ਾਂ ਸੱਦਕਾ ਹੀ ਪੰਥ ਅਤੇ ਪੰਜਾਬੀ ਵਿਰੋਧੀ ਬਾਦਲ ਦਲ ਨੂੰ ਨਾਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਬਾਦਲ ਪਰਿਵਾਰ ਦਾ ਇਕ ਵੀ ਰਿਸ਼ਤੇਦਾਰ ਪੰਜਾਬ ਵਿਧਾਨ ਸਭਾ ਵਿੱਚ ਨਹੀ ਪਹੁੰਚ ਸਕਿਆ ਹੈ।

ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਹੁਣ ਸਿੱਖਾਂ ਦੀ ਸਭ ਤੋਂ ਵੱਡੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੁਧਾਰ ਲੈ ਕੇ ਆਉਣ ਦੀ ਹੈ। ਬਾਦਲ ਪਰਿਵਾਰ ਦੇ ਦਬਾਅ ਹੇਠ ਐੱਸਜੀਪੀਸੀ ਵਿੱਚ ਭ੍ਰਿਸ਼ਟਾਚਾਰ ਅਤੇ ਘਪਲੇਬਾਜ਼ੀਆਂ ਜ਼ੋਰਾਂ `ਤੇ ਹਨ ਅਜਿਹੇ ਵਿੱਚ ਪੰਥ ਦੀਆਂ ਸਿਰਮੋਰ ਸੰਸਥਾਂਵਾਂ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣ ਲਈ ਸ: ਸੁਖਦੇਵ ਸਿੰਘ ਢੀਂਡਸਾ ਦਾ ਪਾਰਟੀ ਦੇ ਪ੍ਰਧਾਨ ਦੇ ਅਹੁਦੇ `ਤੇ ਬਣੇ ਰਹਿਣਾ ਬੇਹੱਦ ਲਾਜ਼ਮੀ ਹੈ।

ਇਸ ਕਰਕੇ ਕਮੇਟੀ ਦੇ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ ਕਿ ਸ: ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਤੌਰ ਪ੍ਰਧਾਨਗੀ ਦੇ ਅਹੁਦੇ `ਤੇ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਉਨ੍ਹਾਂ ਵੱਲੋਂ ਚਲਾਏ ਹੋਏ ਮਿਸ਼ਨ ਨੂੰ ਪੂਰਾ ਕਰਨ ਲਈ ਚਟਾਨ ਵਾਂਗ ਖੜ੍ਹੇ ਰਹਿਣਗੇ।