Kotkapura firing case: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ।


ਹਾਸਲ ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਗਿਆ ਹੈ। ਇਸ ਵਿੱਚ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਹਿ-ਸਾਜ਼ਿਸ਼ਕਰਤਾ ਤੇ ਸੂਤਰਧਾਰ ਦੱਸਿਆ ਗਿਆ ਹੈ।


ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਸੀ। 


ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਿਹਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਵਿਸ਼ੇਸ਼ ਜਾਂਚ ਟੀਮ ਨੇ 22 ਮਹੀਨਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 5600 ਸਫ਼ਿਆਂ ਦੇ ਸਬੂਤ ਇਕੱਠੇ ਕੀਤੇ ਹਨ। ਇਨ੍ਹਾਂ ਸਬੂਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ ਪਰ ਹੁਣ ਵੇਖਣਾ ਇਹ ਹੋਏਗਾ ਕਿ ਪੁਲਿਸ ਅਦਾਲਤ ਵਿੱਚ ਇਹ ਸਾਬਤ ਕਰ ਪਾਉਂਦੀ ਹੈ ਜਾਂ ਨਹੀਂ।



ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏਡੀਜੀਪੀ ਐਲਕੇ ਯਾਦਵ, ਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।