Punjab News: ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ 'ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ ਦਿਨ ਵੀ ਤਹਿਸੀਲ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਦੀ ਅਸ਼ਟਾਮ ਤੇ ਰਜਿਸਟਰੀ ਸ਼ਾਖਾ ਵੱਲੋਂ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਡਿਵੀਜ਼ਨਲ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ 15 ਮਈ ਤੱਕ ਸਟੈਂਪ ਡਿਊਟੀ ਵਿਚ ਸਵਾ ਦੋ ਫੀਸਦੀ ਛੋਟ ਦੇਣ ਕਾਰਨ ਸਬ ਰਜਿਸਟਰਾਰ ਦਫਤਰਾਂ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਦੀ ਗਿਣਤੀ ਵੱਧ ਗਈ ਹੈ ਤੇ ਲੋਕ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ 13 ਤੇ 14 ਮਈ ਸ਼ਨਿਚਰਵਾਰ ਤੇ ਐਤਵਾਰ ਨੂੰ ਰਜਿਸਟਰੀਆਂ ਯਕੀਨੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸਟੈਂਪ ਡਿਊਟੀ ਤੇ ਫੀਸ ਵਿੱਚ 2.25 ਫੀਸਦੀ ਛੋਟ ਦਿੱਤੀ ਸੀ। ਇਸ ਮਗਰੋਂ ਛੋਟ ਦੇਣ ਦੇ ਸਮੇਂ ਵਿੱਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਸੀ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਤੇ ਫਿਰ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।