Punjab News : ਮਾਨ ਸਰਕਾਰ ਨੇ ਪੂਰੇ ਪੰਜਾਬ 'ਚ ਇਕ ਨਹੀਂ ਬਲਕਿ ਪੰਜ ਐਨਆਰਆਈ ਸੰਮੇਲਨ ਕਰਵਾਉਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਹੁਣ ਪਰਵਾਸੀ ਭਾਰਤੀਆਂ ਉਪਰ ਮਿਹਰਬਾਨ ਹੋਈ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਨਹੀਂ ਸਗੋਂ ਪੰਜ ‘ਐਨਆਰਆਈ ਸੰਮੇਲਨ’ ਕਰਵਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸੰਮੇਲਨਾਂ ਦੀ ਸ਼ੁਰੂਆਤ 16 ਦਸੰਬਰ ਨੂੰ
Punjab News : ਪੰਜਾਬ ਸਰਕਾਰ ਹੁਣ ਪਰਵਾਸੀ ਭਾਰਤੀਆਂ ਉਪਰ ਮਿਹਰਬਾਨ ਹੋਈ ਹੈ। ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਨਹੀਂ ਸਗੋਂ ਪੰਜ ‘ਐਨਆਰਆਈ ਸੰਮੇਲਨ’ ਕਰਵਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਸੰਮੇਲਨਾਂ ਦੀ ਸ਼ੁਰੂਆਤ 16 ਦਸੰਬਰ ਨੂੰ ਜਲੰਧਰ ਤੋਂ ਹੋਵੇਗੀ। ਇਸ ਤੋਂ ਪਹਿਲਾਂ ਸਾਲ ਵਿੱਚ ਇੱਕ ‘ਪਰਵਾਸੀ ਭਾਰਤੀ ਸੰਮੇਲਨ’ ਕਰਵਾਇਆ ਜਾਂਦਾ ਸੀ।
ਸਰਕਾਰੀ ਸੂਤਰਾਂ ਮੁਤਾਬਕ ‘ਐਨਆਰਆਈ, ਪੰਜਾਬੀਆਂ ਨਾਲ ਮਿਲਣੀ’ ਨਾਮੀ ਇਹ ਪੰਜ ਪ੍ਰੋਗਰਾਮ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ਕਰਵਾਏ ਜਾ ਰਹੇ ਹਨ। ਐਨਆਰਆਈ ਸੰਮੇਲਨ 19 ਨਵੰਬਰ ਨੂੰ ਮੁਹਾਲੀ, 23 ਨਵੰਬਰ ਨੂੰ ਲੁਧਿਆਣਾ, 26 ਨਵੰਬਰ ਨੂੰ ਮੋਗਾ ਤੇ 30 ਦਸੰਬਰ ਨੂੰ ਅੰਮ੍ਰਿਤਸਰ ’ਚ ਕਰਾਇਆ ਜਾਵੇਗਾ।
ਇਸ ਬਾਰੇ ਐਨਆਰਆਈ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈ ਮਾਮਲੇ ਵਿਭਾਗ ਪੰਜਾਬ, ਐਨਆਰਆਈ ਕਮਿਸ਼ਨ, ਐਨਆਰਆਈ ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸੇ ਤਰ੍ਹਾਂ 19 ਦਸਬੰਰ ਨੂੰ ਐਸਏਐਸ ਨਗਰ ਵਿਖੇ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ’ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।
ਧਾਲੀਵਾਲ ਨੇ ਦੱਸਿਆ ਕਿ 15 ਐਨਆਰਆਈ ਪੁਲੀਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ। ਹਰੇਕ ਐੱਨਆਰਆਈ ਪੁਲੀਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਜ਼ਿਲ੍ਹਿਆਂ ’ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀਸੀਐੱਸ ਪੱਧਰ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਐਨਆਰਆਈ ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਨਆਰਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।