Punjab News : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ  ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ.. ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ...ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ...

 


ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ 'ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ 'ਤੇ ਹਮਲਾ ਕਰ ਦਿੰਦਾ ਹੈ।

 


 


ਦੱਸ ਦੇਈਏ ਕਿ ਅੱਜ ਦੁਪਹਿਰ ਵੇਲੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਜਾਂਦਾ ਹੈ ਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਹੈ।

 

ਇਸ ਮਗਰੋਂ ਸੰਗਤ ਨੇ ਮੋਰਿੰਡਾ ਥਾਣੇ ਦਾ ਘਿਰਾਉ ਕਰ ਦਿੱਤਾ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦਾ ਪਤਾ ਚਲਦਿਆਂ ਹੀ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪੁੱਜ ਗਏ ਅਤੇ ਸੰਗਤ ਨੂੰ ਸਾਂਤੀ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ।