Punjab News: ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਜਵੀਜ਼ ਜਲਦੀ ਹੀ ਤਿਆਰ ਕੀਤੀ ਜਾਵੇਗੀ। ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਕੱਚੇ ਮੁਲਾਜ਼ਮਾਂ ਦਾ ਪੂਰਾ ਰਿਕਾਰਡ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। 26 ਜੁਲਾਈ ਨੂੰ ਹੁਣ ਅਗਲੀ ਮੀਟਿੰਗ ਹੋਵੇਗੀ।



ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਬਣਨ  'ਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਨੀਤੀ ਬਣਾ ਰਹੀ ਹੈ ਤਾਂ ਜੋ ਕੋਈ ਕਾਨੂੰਨੀ ਅੜਚਣ ਨਾ ਆਵੇ। ਇਸ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਕੈਬਨਿਟ ਦੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ। ਹੁਣ ਤੱਕ ਸਬ-ਕਮੇਟੀ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਪੂਰਾ ਰਿਕਾਰਡ ਨਾ ਹੋਣ  'ਤੇ ਕਮੇਟੀ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ ਅਤੇ ਹੁਣ ਵੀਰਵਾਰ ਨੂੰ ਹੋਈ ਇਸ ਮੀਟਿੰਗ 'ਚ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ  'ਤੇ ਜਲਦੀ ਹੀ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਨੂੰ ਸੌਂਪਿਆ ਜਾਵੇਗਾ ਅਤੇ 26 ਜੁਲਾਈ ਨੂੰ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਜਾ ਸਕਦਾ ਹੈ।



ਦਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਵੀ ਇਹ ਰਿਪੋਰਟ ਰਾਜਪਾਲ ਨੂੰ ਸੌਂਪੀ ਗਈ ਸੀ ਪਰ ਕੁਝ ਖਾਮੀਆਂ ਕਰਕੇ ਸਰਕਾਰ ਨੂੰ ਵਾਪਸ ਕਰ ਦਿੱਤੀ ਗਈ ਸੀ।