ਹੁਸ਼ਿਆਰਪੁਰ: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਸਰਕਾਰ ਪੱਧਰ ’ਤੇ ਯਤਨ ਜਾਰੀ ਹਨ, ਪਰ ਇਸ ਵਿਚ ਲੋਕਾਂ ਦੀ ਹਿੱਸੇਦਾਰੀ ਦੀ ਅਹਿਮ ਭੂਮਿਕਾ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਮਾਨਸਿਕ ਤੌਰ ’ਤੇ ਮਜ਼ਬੂਤ ਹੋ ਕੇ ਇਸ ਦੀ ਵਰਤੋਂ ਬੰਦ ਕਰਾਂਗੇ। ਉਹ ਅੱਜ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਪੰਜਾਬ ਯੂਨੀਵਰਸਿਟੀ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ, ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੂਰੇ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਸਮਾਗਮ ਕਰਵਾ ਕੇ ਇਸ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਮਾਜ ਤੇ ਵਾਤਾਵਰਣ ਪ੍ਰਤੀ ਆਪਣੀ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਸਾਡੀ ਰੋਜ਼ਮਰਾ ਦੀ ਜਿੰਦਗੀ ਦਾ ਹਿੱਸਾ ਬਣ ਗਿਆ ਹੈ ਅਤੇ ਇਸ ਦੇ ਖਾਤਮੇ ਲਈ ਹਰੇਕ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਬਦਲਾਅ ਦਾ ਹਿੱਸਾ ਬਣਨ ਅਤੇ ਆਪਣੇ ਘਰ ਤੋਂ ਇਸ ਦੀ ਸ਼ੁਰੂਆਤ ਕਰਨ। ਇਸ ਦੌਰਾਨ ਉਨ੍ਹਾਂ ਹਾਜ਼ਰ ਵਿਅਕਤੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸੰਕਲਪ ਵੀ ਦਿਵਾਇਆ।


ਬ੍ਰਹਮ ਸ਼ੰਕਰ ਜਿੰਪਾ ਨੇ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਨੂੰ ਡੰਪ ਫਰੀ ਸਿਟੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਵਾਤਾਵਰਣ ਦੀ ਸੁਰੱਖਿਆ ਲਈ ਸਾਰਥਕ ਕਦਮ ਵਧਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰੰਤਰ ਪ੍ਰਦੂਸ਼ਣ ਫੈਲਣ ਨਾਲ ਸੈਂਕੜੇ ਦੀ ਗਿਣਤੀ ਵਿਚ ਲੋਕ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਜੋ ਸਮਾਜ ਦੇ ਵਿਕਾਸ ਲਈ ਬਹੁਤ ਵੱਡੀ ਰੁਕਾਵਟ ਹੈ, ਇਸ ਲਈ ਇਕਜੁੱਟਤਾ ਨਾਲ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਅਤੇ ਤੰਦਰੁਸਤ ਜੀਵਨ ਜਿਉਣ ਲਈ ਵਾਤਾਵਰਣ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ।  
 


ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਸਬੰਧੀ ਬਣਾਈ ਗਈ ਪੀ.ਪੀ.ਟੀ. ਰਾਹੀਂ ਹਾਜਰ ਵਿਅਕਤੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੇ ਕਾਰਨ ਸਾਡੇ ਵਾਤਾਵਰਣ ’ਤੇ ਇਸ ਦਾ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ।


ਉਨ੍ਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ ਵਿਚ ਆਉਣ ਵਾਲੇ ਇਸ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ 1 ਜੁਲਾਈ ਤੋਂ ਲਗਾਈ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇਹਾ ਦੇਵੀ ਤੇ ਖੁਸ਼ਦਿਲ ਨੇ ਵਾਤਾਵਰਣ ਸਬੰਧੀ ਭਾਸ਼ਣ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੀ ਵਿਦਿਆਰਥਣ ਤਨਵੀਰ ਕੌਰ ਨੇ ਕਵਿਤਾ ਪੇਸ਼ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਹਾਜ਼ਰ ਵਿਅਕਤੀਆਂ ਨੂੰ ਜੂਟ ਬੈਗਜ਼ ਵੀ ਮੁਫ਼ਤ ਵੰਡੇ ਗਏ।



ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼ਿਵ ਕੁਮਾਰ, ਡਾਇਰੈਕਟਰ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਡਾ. ਆਰ.ਐਸ. ਬੈਂਸ, ਪ੍ਰੋ: ਬ੍ਰਿਜੇਸ਼ ਸ਼ਰਮਾ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਇੰਚਾਰਜ ਸ੍ਰੀਮਤੀ ਕਰਮਜੀਤ ਕੌਰ, ਜੁਆਇੰਟ ਸਕੱਤਰ ਪੰਜਾਬ ਦਲੀਪ ਓਹਰੀ, ਜੁਆਇੰਟ ਸਕੱਤਰ ਪੰਜਾਬ ਮਹਿਲਾ ਵਿੰਗ ਮਨਦੀਪ ਕੌਰ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਚੇਚੀ, ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਇਲਾਵਾ ਹੋਰ ਚੁਣੇ ਹੋਏ ਪ੍ਰਤੀਨਿੱਧੀ, ਐਨ.ਜੀ.ਓਜ਼ ਅਤੇ ਵਪਾਰ ਮੰਡਲਾਂ ਦੇ ਪ੍ਰਤੀਨਿੱਧੀ, ਵਿਭਾਗਾਂ ਦੇ ਮੁਖੀ ਅਤੇ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ।