Punjab News: ਜ਼ਬਰ-ਜਨਾਹ ਤੇ ਹੋਰ ਦੋਸ਼ਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ AIG ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਮੁਹਾਲੀ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰ ਦੀ ਪਤਨੀ ਕਮਲ ਕਪੂਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।


ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸੀ


ਦੱਸਣਯੋਗ ਹੈ ਕਿ ਉਹ ਕਾਫ਼ੀ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸੀ। ਬੀਤੇ ਦਿਨੀਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਸ਼ੀਸ਼ ਕਪੂਰ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ।  ਵਿਜੀਲੈਂਸ ਨੇ ਨਵੇਂ ਕੇਸ ਵਿੱਚ ਗ੍ਰਿਫ਼ਤਾਰੀ ਪਾ ਲਈ ਹੈ। ਹਾਲਾਂਕਿ ਵਿਜੀਲੈਂਸ ਇਹ ਦਾਅਵਾ ਕਰ ਰਹੀ ਹੈ ਕਿ ਕਪੂਰ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕਪੂਰ ’ਤੇ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦਾ ਦੋਸ਼ ਹੈ।


ਵਿਜੀਲੈਂਸ ਅਨੁਸਾਰ ਅਸ਼ੀਸ਼ ਕਪੂਰ ਵੱਲੋਂ ਪਰਿਵਾਰ ਸਣੇ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਿਤਾਉਣ ਉੱਪਰ ਲੱਖਾਂ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ ਚੈੱਕ ਪੀਰੀਅਡ ਦੌਰਾਨ ਅਸ਼ੀਸ਼ ਕਪੂਰ, ਅਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ਼) ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਂ ’ਤੇ ਵੱਖ-ਵੱਖ ਬੈਂਕਾਂ ਵਿੱਚ ਕਰੀਬ 10 ਬੈਂਕ ਖਾਤੇ ਖੁੱਲ੍ਹੇ ਹੋਏ ਹਨ ਜਿਨ੍ਹਾਂ ਵਿੱਚ ਕਰੀਬ 65 ਲੱਖ ਰੁਪਏ ਜਮ੍ਹਾਂ ਹੋਏ ਪਾਏ ਹਨ। ਉਨ੍ਹਾਂ ਕੋਲ ਆਮਦਨੀ ਦੇ ਜਾਣੂ ਸਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ ਜਦਕਿ ਇਸੇ ਅਰਸੇ ਦੌਰਾਨ ਉਨ੍ਹਾਂ ਵੱਲੋਂ 5,60,91,650 ਰੁਪਏ ਖਰਚਾ ਕੀਤਾ ਗਿਆ ਹੈ। ਇੰਜ ਹੀ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖ਼ਰਚਾ ਕੀਤਾ ਗਿਆ ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫ਼ੀਸਦੀ ਵੱਧ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।