Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਸਬ ਇੰਸਪੈਕਟਰ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ..
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ(EOW) ਪੰਜਾਬ, ਲੁਧਿਆਣਾ, ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਫੜਿਆ ਗਿਆ ਰੰਗੇ ਹੱਥੀਂ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸੰਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਪੜ੍ਹੋ : ਜਾਣੋ ਪੰਜਾਬ ਵਿੱਚ ਕਿਸ ਦਿਨ ਹੈ ਦੀਵਾਲੀ ਦੀ ਛੁੱਟੀ? ਦੇਖੋ ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਇੱਥੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।