Punjab News: 2 ਮਾਰਚ ਐਤਵਾਰ ਨੂੰ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਕਰਕੇ ਛੁੱਟੀ ਰਹੇਗੀ। ਜ਼ਿਲ੍ਹੇ ਵਿਚ ਨਗਰ ਕੌਂਸਲ ਤਲਵਾੜਾ ਦੀਆਂ ਆਮ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ 2025 ਨੂੰ ਕਰਵਾਈਆਂ ਜਾਣਗੀਆਂ।
ਹੋਰ ਪੜ੍ਹੋ : ਧਾਮੀ ਦੇ ਅਸਤੀਫੇ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਅਕਾਲੀ ਦਲ ਬਾਰੇ ਕਹਿ ਦਿੱਤੀ ਵੱਡੀ ਗੱਲ
ਰਿਟਰਨਿੰਗ ਅਫ਼ਸਰ ਨਿਯੁਕਤ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਤਹਿਸੀਲਦਾਰ ਮੁਕੇਰੀਆਂ ਮਨੀਸ਼ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਅਤੇ ਬੀ. ਡੀ. ਪੀ. ਓ. ਹਾਜੀਪੁਰ ਵਿਕਰਮ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀ ਲੋੜੀਂਦੀ ਚੋਣ ਸਮੱਗਰੀ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ 21 ਫਰਵਰੀ ਨੂੰ ਹੋਵੇਗੀ
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਚੋਣਾਂ ਸਬੰਧੀ ਜ਼ਰੂਰੀ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ 17 ਫਰਵਰੀ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 17 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਸਕਦੇ ਹਨ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 20 ਫਰਵਰੀ ਦੁਪਹਿਰ 3 ਵਜੇ ਤੱਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 21 ਫਰਵਰੀ ਨੂੰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 22 ਫਰਵਰੀ ਦੁਪਹਿਰ 3 ਵਜੇ ਤੱਕ ਹੈ।
ਆਦਰਸ਼ ਚੋਣ ਜ਼ਾਬਤਾ ਲਾਗੂ
ਵੋਟਾਂ 2 ਮਾਰਚ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੈਣਗੀਆਂ। ਵੋਟਾਂ ਦੀ ਗਿਣਤੀ 2 ਮਾਰਚ ਨੂੰ ਵੋਟਾਂ ਖਤਮ ਹੋਣ ਦੇ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਉਨ੍ਹਾਂ ਦੱਸਿਆ ਕਿ ਤਲਵਾੜਾ ਨਗਰ ਕੌਂਸਲ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੀ ਸਮਾਪਤੀ ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਵੋਟਰਾਂ ਨੂੰ ਲੋਕਤੰਤਰ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਵੋਟ ਦਾ ਇਸਤੇਮਾਲ ਕਰੋ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੋ। ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।