Punjab News: ਮੁੱਖ ਮੰਤਰੀ ਭਗਵੰਤ ਮਾਨ ਨਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੀ ਨੇ ਕਿਹਾ ਸੀ ਕਿ "ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਬਦਲਣ ਆਏ ਹਾਂ"…ਬੀਜੇਪੀ ਵਾਲਿਆਂ ਨੇ ਆਪਣੇ ਕੁਝ ਦੋਸਤਾਂ ਨੂੰ ਫ਼ਾਇਦਾ ਦੇਣ ਲਈ ਸਭ ਕੁਝ ਵੇਚ ਦਿੱਤਾ…ਉਲਟਾ ਪੰਜਾਬ ‘ਚ ਅਸੀਂ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੇ ਹਾਂ ਕਿ ਅਸੀਂ ਚਲਾ ਕੇ ਦਿਖਾਵਾਂਗੇ…ਇਹ ਫ਼ਰਕ ਹੈ ਸਾਡੇ ਤੇ ਉਨ੍ਹਾਂ ਵਿੱਚ…।


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਲੇ ’ਤੇ ਆਧਾਰਤ ਬਿਜਲੀ ਉਤਪਾਦਨ ਵਧਾਉਣ ਲਈ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਥਰਮਲ ਪਲਾਂਟ ਬਾਰੇ ਕੋਈ ਜਾਣਕਾਰੀ ਨਸ਼ਰ ਨਹੀਂ ਕੀਤੀ, ਪਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖ਼ਰੀਦਣ ਲਈ ਬੋਲੀ ਲਾ ਦਿੱਤੀ ਹੈ ਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਇਸ ਨਾਲ ਸੂਬੇ ਦਾ ਬਿਜਲੀ ਉਤਪਾਦਨ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। 


 




ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਤੇ ਰੋਪਡ਼ ਵਿੱਚ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ। ਇਹ ਪਾਵਰ ਪਲਾਂਟ ਖ਼ਰੀਦਣ ਨਾਲ ਬਿਜਲੀ ਪੈਦਾਵਾਰ ’ਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਤਰਨ ਤਾਰਨ ਦੇ ਗੋਇੰਦਵਾਲ ਵਿਚਲੇ ਥਰਮਲ ਪਲਾਂਟ ਨੂੰ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ 12 ਕੰਪਨੀਆਂ ਨੇ ਬੋਲੀ ਦਿੱਤੀ ਹੈ, ਜਿਸ ਵਿੱਚੋਂ ਪਾਵਰਕੌਮ ਵੀ ਇੱਕ ਹੈ। 



ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਲਈ ਨਿਲਾਮੀ ਪ੍ਰਕਿਰਿਆ ’ਚ ਹਿੱਸਾ ਲੈ ਰਹੀ ਹੈ। ਇਸ ਬਾਰੇ ਫ਼ੈਸਲਾ ਲੈਣ ਲਈ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਪਛਵਾਡ਼ਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁਡ਼ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ, ਪਰ ‘ਆਪ’ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਜਾ ਰਹੀ ਹੈ। 


ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋਡ਼ੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਿਤ ਬਿਜਲੀ ਸਪਲਾਈ ਕਰ ਰਹੀ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।