ਬਰਨਾਲਾ ਦੀ ਮੰਡੀ 'ਚ ਸ਼ੁਰੂ ਹੋਈ ਕਣਕ ਦੀ ਆਮਦ, ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ, ਕਿਸਾਨਾਂ ਦੀ ਸਰਕਾਰ ਤੋਂ ਇਹ ਮੰਗ
ਬਰਨਾਲਾ: ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਅਨਾਜ ਮੰਡੀਆਂ 'ਚ ਕਣਕ ਦੀ ਫਸਲ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਬਰਨਾਲਾ ਦੀ ਦਾਣਾ ਮੰਡੀ 'ਚ ਵੀ ਅੱਜ ਕਣਕ ਦੀ ਆਮਦ ਸ਼ੁਰੂ ਹੋਈ।
ਬਰਨਾਲਾ: ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਅਨਾਜ ਮੰਡੀਆਂ 'ਚ ਕਣਕ ਦੀ ਫਸਲ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਬਰਨਾਲਾ ਦੀ ਦਾਣਾ ਮੰਡੀ 'ਚ ਵੀ ਅੱਜ ਕਣਕ ਦੀ ਆਮਦ ਸ਼ੁਰੂ ਹੋਈ। ਕਿਸਾਨ ਕਣਕ ਦੀ ਫਸਲ ਨੂੰ ਅਨਾਜ ਮੰਡੀ 'ਚ ਲੈ ਕੇ ਆਉਣ ਲੱਗੇ ਹਨ ਪਰ ਦੂਜੇ ਪਾਸੇ ਅਨਾਜ ਮੰਡੀ 'ਚ ਖਰੀਦ ਪ੍ਰਬੰਧਾਂ ਦੀ ਕਮੀ ਦੇਖਣ ਨੂੰ ਮਿਲੀ ਹੈ। ਇਸ ਸਾਲ ਤੇਜ਼ ਗਰਮੀ ਕਾਰਨ ਕਣਕ ਦੀ ਫਸਲ ਸਮੇਂ ਤੋਂ ਪਹਿਲਾਂ ਹੀ ਕੱਟਣੀ ਪਈ ਹੈ ਅਤੇ ਇਸ ਕਾਰਨ ਕਣਕ ਦੀ ਫਸਲ ਦਾ ਝਾੜ ਵੀ ਘੱਟ ਨਿਕਲ ਰਿਹਾ ਹੈ, ਜਦਕਿ ਜ਼ਿਲਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਵੱਲੋਂ ਖਰੀਦ ਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਣਾ ਮੰਡੀ ਵਿੱਚ ਕਣਕ ਦੀ ਫ਼ਸਲ ਲੈ ਕੇ ਆਏ ਕਿਸਾਨ ਨੇ ਦੱਸਿਆ ਕਿ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਹੈ, ਜਿਸ ਕਾਰਨ ਅੱਜ ਉਹ ਆਪਣੀ ਫ਼ਸਲ ਦੀ ਕਟਾਈ ਕਰਕੇ ਮੰਡੀ ਲੈ ਕੇ ਪਹੁੰਚੇ ਹਨ। ਉਹਨਾਂ ਦੱਸਿਆ ਕਿ ਇਸ ਸਾਲ ਗਰਮੀ ਜ਼ਿਆਦਾ ਹੋਣ ਕਾਰਨ ਕਣਕ ਦਾ ਝਾੜ 2 ਤੋਂ 4 ਕੁਇੰਟਲ ਪ੍ਰਤੀ ਏਕੜ ਘੱਟ ਹੋਣ ਦੀ ਸੰਭਾਵਨਾ ਹੈ। ਉਕਤ ਕਿਸਾਨ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਦਾਣਾ ਮੰਡੀ 'ਚ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ 'ਚ ਬੈਠਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਬਾਰਦਾਨੇ ਦੀ ਕੋਈ ਕਮੀ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਅਦਾਇਗੀ ਜਲਦੀ ਤੋਂ ਜਲਦੀ ਕੀਤੀ ਜਾਵੇ।
ਇਸ ਸਬੰਧੀ ਬਰਨਾਲਾ ਦੀ ਦਾਣਾ ਮੰਡੀ ਦੇ ਏਜੰਟ ਰੇਸ਼ਮ ਖਾਨ ਨੇ ਦੱਸਿਆ ਕਿ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਲੀ ਲਗਾ ਕੇ ਖ਼ਰੀਦ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਅਨਾਜ ਮੰਡੀ ਵਿੱਚ ਖਾਲੀ ਬੋਰੀਆਂ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਜਲਦੀ ਤੋਂ ਜਲਦੀ ਯਕੀਨੀ ਬਣਾਏ ਜਾਣ।
ਇਸ ਸਬੰਧੀ ਬਰਨਾਲਾ ਦੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ 5 ਮਾਰਕੀਟ ਕਮੇਟੀਆਂ ਹਨ ਅਤੇ ਇਨ੍ਹਾਂ ਮਾਰਕੀਟ ਕਮੇਟੀਆਂ ਅਧੀਨ 95 ਦਾਣਾ ਮੰਡੀਆਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅਨਾਜ ਮੰਡੀਆਂ ਵਿੱਚ ਚਾਹੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੋਵੇ ਜਾਂ ਛਾਂ ਵਿੱਚ ਬੈਠਣ ਦਾ ਪ੍ਰਬੰਧ ਹੋਵੇ, ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਮੁੱਖ ਦਾਣਾ ਮੰਡੀ ਵਿੱਚ ਪਹਿਲੇ ਦਿਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਦੀ ਖਰੀਦ ਬਰਨਾਲਾ ਦੇ ਡਿਪਟੀ ਕਮਿਸ਼ਨਰ ਦੀ ਦੇਖ-ਰੇਖ ਹੇਠ ਬੋਲੀ ਲਗਾ ਕੇ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬਾਰਦਾਨੇ ਅਤੇ ਕਣਕ ਦੀ ਫਸਲ ਦੀ ਲਿਫਟਿੰਗ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।