Punjab News : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ 'ਆਪ' ਸਰਕਾਰ ਲਈ ਮੁਸੀਬਤ ਬਣਦੀ ਜਾ ਰਹੀ ਹੈ। ਵਿਰੋਧੀ ਧਿਰਾਂ ਇਸ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਹੁਣ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਕੀਤਾ ਹੈ।


ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ ਕਿਸੇ ਦੇਰੀ ਦੇ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਦੋ ਵੱਖ-ਵੱਖ ਮਾਪਦੰਡ ਨਹੀਂ ਵਰਤੇ ਜਾ ਸਕਦੇ। 


 




ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਜਨਵਰੀ ਮਹੀਨੇ ਜਨਤਕ ਹੋਈ ਇੱਕ ਆਡੀਓ ਕਲਿੱਪ ਦੇ ਆਧਾਰ ’ਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਰੁੱਧ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦੇ ਰਹੇ ਹਨ। ਦੂਜੇ ਪਾਸੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਸਾਹਮਣੇ ਆਉਣ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। 


ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਡਾ. ਵਿਜੈ ਸਿੰਗਲਾ ਨੂੰ ਮਈ ਮਹੀਨੇ ਵਿੱਚ ਮਹਿਜ਼ ਇੱਕ ਆਡੀਓ ਕਲਿੱਪ ਦੇ ਆਧਾਰ ’ਤੇ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।