SGPC Chief Resigned: ਪੰਥਕ ਸਿਆਸਤ ਨਿੱਤ ਨਵਾਂ ਮੋੜ ਲੈ ਰਹੀ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੇਸ਼ੱਕ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਅਲੋਚਨਾ ਹੋ ਰਹੀ ਸੀ ਪਰ ਹੁਣ ਧਾਮੀ ਦੇ ਅਸਤੀਫੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਹਾਸਲ ਜਾਣਕਾਰੀ ਮੁਤਾਬਕ ਧਾਮੀ ਨੇ ਆਪਣੇ ਅਸਤੀਫੇ ਪਿੱਛੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸੋਸ਼ਲ ਮੀਡੀਆ ਪੋਸਟ ਨੂੰ ਦੱਸਿਆ ਹੈ ਜੋ ਉਨ੍ਹਾਂ ਨੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਪਾਈ ਸੀ। ਇਸ ਵੇਲੇ ਗਿਆਨੀ ਰਘਬੀਰ ਸਿੰਘ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ 13 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ।
ਅਸਤੀਫ਼ਾ ਦੇਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਧਾਮੀ ਨੇ ਉਸ ਪੋਸਟ ਦੀਆਂ ਲਾਈਨਾਂ ਵੀ ਪੜ੍ਹੀਆਂ ਤੇ ਕਿਹਾ ਕਿ ਪੋਸਟ ਤੋਂ ਇਹ ਸਪੱਸ਼ਟ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਧਾਮੀ ਨੇ ਕਿਹਾ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਮੈਂਬਰ ਇਕੱਠੇ ਸਨ ਤੇ ਡੇਢ ਘੰਟੇ ਤੱਕ ਵਿਚਾਰ-ਵਟਾਂਦਰਾ ਹੋਇਆ। ਸਾਰਿਆਂ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ ਤਾਂ ਜੋ ਕਿਸੇ ਦੇ ਵਿਚਾਰ ਨਾ ਰਹਿ ਜਾਣ, ਪਰ ਪ੍ਰਧਾਨ ਮੁੱਖ ਹੁੰਦਾ ਹੈ। ਇਸ ਲਈ ਨੈਤਿਕ ਆਧਾਰ 'ਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਬੰਧਕੀ ਸੰਸਥਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖਤ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸ ਤਖ਼ਤ ਦੀ ਇੱਕ ਸੰਸਥਾ ਹੈ। ਸਮਾਂ ਗੰਭੀਰ ਚੱਲ ਰਿਹਾ ਹੈ। ਸਰਕਾਰਾਂ ਨੇ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਿੱਧੇ ਯਤਨ ਕੀਤੇ ਹਨ। ਧਾਮੀ ਦੇ ਅਸਤੀਫੇ ਨਾਲ ਪੰਥਕ ਹਲਕਿਆਂ ਅੰਦਰ ਹਲਚਲ ਸ਼ੁਰੂ ਹੋ ਗਈ ਹੈ।
ਕੁਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਬਾਦਲ ਪਰਿਵਾਰ ਪ੍ਰਤੀ ਪੰਥ ਅੰਦਰ ਗੁੱਸੇ ਨੂੰ ਸ਼ਾਂਤ ਕਰਨ ਲਈ ਇਹ ਪੈਂਤੜਾ ਖੇਡਿਆ ਗਿਆ ਹੈ। ਦੂਜੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਐਸਜੀਪੀਸੀ ਪ੍ਰਧਾਨ ਧਾਮੀ ਲਗਾਤਾਰ ਬਾਦਲ ਧੜੇ ਦੇ ਦਬਾਅ ਹੇਠ ਕੰਮ ਕਰ ਰਹੇ ਸੀ। ਇਸ ਲਈ ਉਹ ਪੰਥਕ ਧਿਰਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਸੀ। ਉਨ੍ਹਾਂ ਦੇ ਕਿਰਦਾਰ ਉਪਰ ਵੀ ਸਵਾਲ ਉੱਠ ਰਹੇ ਸੀ। ਇਸ ਲਈ ਉਹ ਖੁਦ ਹੀ ਅਹੁਦੇ ਤੋਂ ਲਾਂਬੇ ਹੋ ਗਏ।
ਦਰਅਸਲ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਉਪਰ ਪੋਸਟ ਸ਼ੇਅਰ ਕਰਕੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਉਪਰ ਸਵਾਲ ਉਠਾਏ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਹਾਲ ਹੀ ਵਿੱਚ ਜੋ ਵੀ ਘਟਨਾਵਾਂ ਵਾਪਰੀਆਂ ਹਨ, ਮੈਂ ਉਨ੍ਹਾਂ ਨੂੰ ਹਰ ਪਹਿਲੂ ਤੋਂ ਗੰਭੀਰਤਾ ਨਾਲ ਦੇਖ ਰਿਹਾ ਹਾਂ। ਮੈਨੂੰ ਇਨ੍ਹਾਂ ਹਾਲਾਤਾਂ ਤੋਂ ਬਹੁਤ ਦੁੱਖ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਕਾਰਨ ਤੇ ਤਰੀਕਾ ਬਿਲਕੁਲ ਵੀ ਜਾਇਜ਼ ਨਹੀਂ।
ਉਨ੍ਹਾਂ ਨੇ ਅੱਗ ਲਿਖਿਆ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਭਾਵਨਾਵਾਂ ਤੇ ਰਵਾਇਤਾਂ ਅਨੁਸਾਰ ਲਏ ਗਏ ਫੈਸਲਿਆਂ ਤੋਂ ਬਾਅਦ ਹੀ ਅਜਿਹਾ ਲੱਗ ਰਿਹਾ ਸੀ ਕਿ ਸਿੰਘ ਸਾਹਿਬਾਨ ਵਿਰੁੱਧ ਯੋਜਨਾਬੱਧ ਤਰੀਕੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਦੀ ਗਲਤ ਵਿਆਖਿਆ ਕਰਕੇ ਮੀਡੀਆ ਟ੍ਰਾਇਲ ਕੀਤਾ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਦੇ ਨਾਤੇ, ਮੈਂ ਉਸ ਸਮੇਂ ਵੀ ਕਿਹਾ ਸੀ ਜਦੋਂ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਦਾ ਗਠਨ ਕੀਤਾ ਸੀ ਕਿ ਇਹ ਸਹੀ ਨਹੀਂ। ਜੇਕਰ ਕਿਸੇ ਵੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਲੋੜ ਹੈ, ਤਾਂ ਇਹ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਕਰ ਸਕਦਾ ਹੈ।
ਇਹ ਅਜੇ ਵੀ ਮੰਦਭਾਗਾ ਹੈ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਦਾ ਅਪਮਾਨ ਕਰਨਾ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਇੱਕ ਵਾਰ ਫਿਰ, ਮੈਂ ਆਪਣੇ ਦਿਲੋਂ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਤੋਂ ਹਟਾਉਣਾ ਬਹੁਤ ਹੀ ਨਿੰਦਣਯੋਗ ਤੇ ਮੰਦਭਾਗਾ ਹੈ, ਜੋ ਤਖ਼ਤ ਸਾਹਿਬਾਨ ਦੀ ਆਜ਼ਾਦੀ ਤੇ ਹੋਂਦ ਨੂੰ ਨੁਕਸਾਨ ਪਹੁੰਚਾਉਣ ਵਾਲਾ ਕਦਮ ਵੀ ਹੈ। ਗੁਰੂ ਰਾਖਾ।