Amritpal Singh News: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਜਿੱਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮਾਮਲਾ ਦੇਸ਼ ਦੀ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਹੈ।
ਦਰਅਸਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਰਾਸ਼ਟਰਪਤੀ ਨੂੰ ਮਿਲਣ ਲਈ ਸ਼ਨੀਵਾਰ ਨੂੰ ਦਿੱਲੀ ਪੁੱਜੇ। ਸ਼੍ਰੋਮਣੀ ਅਕਾਲੀ ਦਲ ਫਤਹਿ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਕੇ ਸੰਸਦੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ। ਇਸ 'ਤੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ 'ਚ ਉਚਿਤ ਤੇ ਜਾਇਜ਼ ਕਦਮ ਚੁੱਕੇ ਜਾਣਗੇ।
ਰਾਸ਼ਟਰਪਤੀ ਨੂੰ ਮਿਲੇ ਵਫ਼ਦ ਨੇ ਇਸ ਸਬੰਧੀ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਫਤਿਹ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਚੱਲ ਰਿਹਾ ਹੈ। ਇਹ ਕੇਸ ਪਹਿਲਾਂ ਸੂਬਾ ਸਰਕਾਰ ਚਲਾਉਂਦੀ ਹੈ ਤੇ ਫਿਰ ਕੇਂਦਰ ਸਰਕਾਰ ਇਸ ਨੂੰ ਅੱਗੇ ਵਧਾਉਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਦੋਵਾਂ ਪੰਜਾਬ ਤੇ ਕੇਂਦਰ ਸਰਕਾਰਾਂ ਦੀ ਮਿਲੀਭੁਗਤ ਨਾਲ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕੀਤੀ ਗਈ ਹੈ। ਜਸਕਰਨ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਹੁੰ ਚੁੱਕਣ ਦਾ ਸਮਾਂ ਨਾ ਦਿੱਤਾ ਤਾਂ ਅਸੀਂ ਸੰਘਰਸ਼ ਨੂੰ ਅੱਗੇ ਵਧਾਵਾਂਗੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਜਿੱਤੇ ਹਨ। ਉਹ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਹਾਲ ਹੀ 'ਚ ਅੰਮ੍ਰਿਤਪਾਲ ਸੰਘ ਦੀ ਮਾਤਾ ਤੇ ਪਤਨੀ ਨੇ ਆਸਾਮ ਜੇਲ੍ਹ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜੇਲ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਸੀ, ਤਾਂ ਜੋ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਣ। ਅੰਮ੍ਰਿਤਪਾਲ ਸਿੰਘ ਦੇ ਚੋਣ ਜਿੱਤਣ ਮਗਰੋਂ ਹੁਣ ਉਨ੍ਹਾਂ ਦੀ ਰਿਹਾਈ ਵੱਲ ਸਭ ਦੀਆਂ ਨਜ਼ਰਾਂ ਹਨ।