ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜ਼ੀਰਕਪੁਰ ਵਾਸੀ ਗੁਰਪ੍ਰੀਤ ਕੌਰ ਨੇ ਵਿਧਾਇਕ ਦੀ ਆਨਲਾਈਨ ਚੈਟ ਕਰਨ ਵੇਲੇ ਦੀ ਇੱਕ ਅਸ਼ਲੀਲ ਵੀਡੀਓ ਪੇਸ਼ ਕੀਤੀ ਹੈ। ਇਸ ਤੋਂ ਇਲਾਵਾ ਔਰਤ ਨੇ ਦੋਸ਼ ਲਾਇਆ ਕਿ ਵਿਧਾਇਕ ਵੱਲੋਂ ਭ੍ਰਿਸ਼ਟਾਚਾਰ ਫੈਲਾਇਆ ਜਾ ਰਿਹਾ ਹੈ, ਜਿਸ ਦੇ ਇੱਕ-ਇੱਕ ਕਰੋੜ ਰੁਪਏ ਦੀ ਕੀਮਤ ਦੇ ਕਥਿਤ ਤੌਰ ’ਤੇ ਦੋ ਫਲੈਟ ਵੀ ਹਨ। ਇਸ ਤੋਂ ਇਲਾਵਾ ਉਹ ਲੰਘੇ ਦਿਨੀਂ ਜੀਬੀਪੀ ਗਰੁੱਪ ਦੇ ਬਿਲਡਰ ਸਤੀਸ਼ ਗੁਪਤਾ ਨਾਲ ਸੈਟਿੰਗ ਕਰਨ ਦੁਬਈ ਵੀ ਗਏ ਸਨ।
ਦੱਸ ਦਈਏ ਕਿ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਤੇ ਧਮਕੀਆਂ ਦੇਣ ਦਾ ਦੋਸ਼ ਲਾਉਂਦਿਆਂ ਜ਼ੀਰਕਪੁਰ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਧਰ, ਵਿਧਾਇਕ ਪਠਾਣਮਾਜਰਾ ਨੇ ਇਨ੍ਹਾਂ ਦੋਸ਼ਾਂ ਨੂੰ ਵੀ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਜੇਕਰ ਕੋਈ ਸਬੂਤ ਹੈ ਤਾਂ ਪੇਸ਼ ਕੀਤਾ ਜਾਵੇ।
ਉਂਝ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਉਕਤ ਔਰਤ ਨਾਲ ਵਿਆਹ ਕਰਵਾਉਣ ਦੇ ਦੋਸ਼ਾਂ ਨੂੰ ਮੰਨਦੇ ਹੋਏ ਕਿਹਾ ਕਿ ਉਸ ਨੇ ਕੋਈ ਧਮਕੀ ਨਹੀਂ ਦਿੱਤੀ। ਇਸ ਦੌਰਾਨ ਉਨ੍ਹਾਂ ਸਨੌਰ ਹਲਕੇ ਦੇ ਅਕਾਲੀ ਦਲ ਤੇ ਕਾਂਗਰਸ ਦੇ ਵੱਡੇ ਆਗੂਆਂ ਦੇ ਨਾਮ ਲੈਂਦਿਆਂ ਇਸ ਔਰਤ ਰਾਹੀਂ ਉਸ ਨੂੰ ਬਦਨਾਮ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਧਮਕੀ ਦਿੱਤੀ ਹੈ ਤਾਂ ਉਹ ਸਬੂਤ ਪੇਸ਼ ਕਰੇ।
ਕੀ ਹੈ ਮਾਮਲਾ?
ਦੱਸ ਦਈਏ ਕਿ ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਲੰਘੇ ਕੁਝ ਸਾਲਾਂ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਸਬੰਧ ਸਨ, ਜਿਸ ਨੇ ਕਥਿਤ ਤੌਰ ’ਤੇ ਝੂਠ ਬੋਲਿਆ ਸੀ ਕਿ ਪਹਿਲੀ ਪਤਨੀ ਨਾਲ ਤਲਾਕ ਹੋਣ ਮਗਰੋਂ ਉਹ ਹੁਣ ਵੱਖ ਰਹਿੰਦਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਧਾਇਕ ਨੇ ਉਸ ਨਾਲ 14 ਅਗਸਤ 2021 ਵਿੱਚ ਲੁਧਿਆਣਾ ਵਿੱਚ ਵਿਆਹ ਕਰਵਾਇਆ ਸੀ। ਉਸ ਨੇ ਥਾਣੇ ਵਿੱਚ ਵਿਆਹ ਵੇਲੇ ਦੀ ਤਸਵੀਰ ਵੀ ਪੇਸ਼ ਕੀਤੀ।
ਪੀੜਤਾ ਨੇ ਦੱਸਿਆ ਕਿ ਚੋਣਾਂ ਦੌਰਾਨ ਤਲਾਕ ਨਾ ਹੋਣ ਬਾਰੇ ਪਤਾ ਲੱਗਣ ’ਤੇ ਵਿਧਾਇਕ ਨੇ ਪਹਿਲੀ ਪਤਨੀ ਨੂੰ ਛੱਡ ਕੇ ਉਸ ਨਾਲ ਰਹਿਣ ਦਾ ਭਰੋਸਾ ਦੇ ਕੇ ਉਸ ਨੂੰ ਚੁੱਪ ਕਰਵਾ ਦਿੱਤਾ। ਚੋਣ ਜਿੱਤਣ ਮਗਰੋਂ ਪਠਾਣਮਾਜਰਾ ਆਪਣੇ ਵਾਅਦੇ ਤੋਂ ਮੁੱਕਰ ਗਿਆ ਤੇ ਉਸ ਨੂੰ ਧਮਕਾਉਣਾ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਨੇ ਦੋਸ਼ ਲਾਇਆ ਕਿ 15 ਅਗਸਤ ਤੋਂ ਪਹਿਲਾਂ ਵਿਧਾਇਕ ਨੇ ਜ਼ੀਰਕਪੁਰ ਆ ਕੇ ਵੀ ਉਸ ਨੂੰ ਧਮਕਾਇਆ ਸੀ।