Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਾਰ ਫਿਰ ਅਧਿਆਪਕ ਸਰਕਾਰ ਤੋਂ ਔਖੇ ਨਜ਼ਰ ਆਏ ਹਨ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਅੰਮ੍ਰਿਤਸਰ ਵਿੱਚ ਸਕੂਲ ਆਫ ਐਂਮੀਨੈਂਸ ਦੇ ਉਦਘਾਟਨੀ ਸਮਾਰੋਹ ਲਈ ਭੇਜੀਆਂ ਜਾਣ ਵਾਲੀਆਂ ਬੱਸਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਇੰਚਾਰਜ ਵਜੋਂ ਲਾਉਣ ਦਾ ਵਿਰੋਧ ਕੀਤਾ ਹੈ ਤੇ ਸਰਕਾਰ ਦੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਸਕੂਲ ਆਫ ਐਂਮੀਨੈਂਸ ਦੇ ਉਦਘਾਟਨ ਮੌਕੇ ਅੰਮ੍ਰਿਤਸਰ ਵਿੱਚ ਇਕੱਠ ਦਿਖਾਉਣ ਲਈ ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਮਾਰੋਹ ਵਿੱਚ ਜਾਣ ਵਾਲੇ ਲੋਕਾਂ ਲਈ ਬੱਸਾਂ ਵਿੱਚ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਅਧਿਆਪਕਾਂ ਨੂੰ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਕੰਮ ਸਰਕਾਰ ਦੇ ਪ੍ਰੋਗਰਾਮਾਂ ਵਿੱਚ ਪਬਲਿਕ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਸਾਬਤ ਹੋ ਗਿਆ ਕਿ ਸਰਕਾਰ ਕੋਲ ਲੋਕਾਂ ਲਈ ਕੋਈ ਵਿਗਿਆਨਕ ਵਿੱਦਿਅਕ ਮਾਡਲ ਨਹੀਂ ਹੈ ਤੇ ਪੰਜਾਬ ਸਰਕਾਰ ਸਿੱਖਿਆ ਮਨੋਵਿਗਿਆਨ ਤੋਂ ਬਿਲਕੁਲ ਕੋਰੀ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਨੂੰ ਫੇਕ ਨਿਊਜ਼ ਕਰਾਰ ਦਿੱਤਾ ਹੈ। ਪਾਰਟੀ ਨੇ ਟਵਿਟਰ 'ਤੇ ਪੋਸਟ ਪਾ ਕੇ ਕਿਹਾ ਹੈ ਕਿ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ। ਕਿਸੇ ਵੀ ਅਧਿਆਪਕ ਨੂੰ ਬੱਸ ਇੰਚਾਰਜ ਨਿਯੁਕਤ ਨਹੀਂ ਕੀਤਾ ਗਿਆ। ਇਸ ਦੀ ਬਜਾਏ, ਅਧਿਆਪਕਾਂ ਨੂੰ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਸ਼ਾਨਦਾਰ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਕੋਈ ਪਾਰਟੀ ਆਪਣੀਆਂ ਚੋਣਾਂ ਤੋਂ ਪਹਿਲਾਂ ਦੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵੇਂ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।